ਪੰਜਾਬ ਸਰਕਾਰ ਵਲੋਂ ਢਾਈ ਸਾਲਾਂ ਵਿੱਚ 44250 ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ-ਵਿਧਾਇਕ ਸ਼ੈਰੀ ਕਲਸੀ

  • ਕਿਹਾ- ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਅਖ਼ਤਿਆਰ ਦੇਣਾ ਹੈ

ਬਟਾਲਾ, 7 ਅਗਸਤ 2024 : ਬਟਾਲਾ ਦੇ ਨੌਜਵਾਨ ਵਿਧਾਇਕ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਖਾਸ ਉਪਰਾਲੇ ਕੀਤੇ ਗਏ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਅਤੇ ਨੌਜਵਾਨਾਂ ਵੱਲੋਂ ਬੇਹੱਦ ਮੁਕਾਬਲੇ ਵਾਲੀ ਪ੍ਰੀਖਿਆ ਪਾਸ ਕਰਨ ਮਗਰੋਂ ਨੇਪਰੇ ਚੜ੍ਹੀਆਂ ਹਨ। ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਅਖ਼ਤਿਆਰ ਦੇਣਾ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਕਾਰਨ ਲੋਕਾਂ ਦਾ ਸਰਕਾਰ ਵਿੱਚ ਵਿਸ਼ਵਾਸ ਵਧਿਆ ਹੈ, ਜਿਸ ਕਾਰਨ ਟੈਕਸ ਦੀ ਉਗਰਾਹੀ ਵਿੱਚ ਵੀ ਚੋਖਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 19 ਟੌਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ, ਜਿਨ੍ਹਾਂ ਵਿੱਚੋਂ ਦੋ ਬੀਤੇ ਕੱਲ੍ਹ ਹੀ ਬੰਦ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਬਹੁਤੇ ਟੌਲ ਪਲਾਜ਼ਿਆਂ ਦੇ ਪ੍ਰਬੰਧਕ ਸਮਾਂ ਵਧਾਉਣ ਦੀ ਮੰਗ ਕਰ ਰਹੇ ਸਨ ਪਰ ਵਡੇਰੇ ਜਨਤਕ ਹਿੱਤ ਵਿੱਚ ਇਨ੍ਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ ਗਿਆ। ਉਨਾਂ ਦੱਸਿਆ ਕਿ ਇਹ ਟੌਲ ਪਲਾਜ਼ਾ ਬੰਦ ਹੋਣ ਕਾਰਨ ਪੰਜਾਬ ਵਾਸੀਆਂ ਦੀਆਂ ਜੇਬ੍ਹਾਂ ਵਿੱਚ ਰੋਜ਼ਾਨਾ 63 ਲੱਖ ਰੁਪਏ ਬਚ ਰਹੇ ਹਨ।