ਪੰਜਾਬ ਸਰਕਾਰ ਨੇ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਨੂੰ ਜਾਰੀ ਰੱਖਦਿਆਂ 1548 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚ ਕੀਤੀ-ਵਿਧਾਇਕ ਸ਼ੈਰੀ ਕਲਸੀ

  • ਪੰਜਾਬ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਦ੍ਰਿੜ ਸੰਕਲਪ

ਬਟਾਲਾ, 30 ਅਗਸਤ 2024 : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਸੂਬੇ ਦੇ ਚਹੁਪੱਖੀ ਵਿਕਾਸ ਲਈ ਸਰਕਾਰ ਦ੍ਰਿੜ ਸੰਕਲਪ ਹੈ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰ ਇੱਕ ਵਰਗ ਦੀ ਭਲਾਈ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਸਹੂਲਤ ਨੂੰ ਜਾਰੀ ਰੱਖਦਿਆਂ ਮਾਰਚ 2022 ਤੋਂ 15 ਜੁਲਾਈ, 2024 ਤੱਕ ਸੂਬੇ ਦੀਆਂ ਔਰਤਾਂ ਨੇ ਕੁੱਲ 32 ਕਰੋੜ 46 ਲੱਖ ਵਾਰ ਮੁਫ਼ਤ ਸਫ਼ਰ ਕੀਤਾ, ਜਿਸ ਉਤੇ ਸਰਕਾਰ ਨੇ 1548 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚ ਕੀਤੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸੇ ਤਰਾਂ ਪੰਜਾਬ ਸਰਕਾਰ ਵਲੋਂ ਸੂਬੇ ਵਾਸੀਆਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ ਹੈ ਅਤੇ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ। ਉਨਾਂ ਦੱਸਿਆ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਰੀਜ਼ ਮੁਫ਼ਤ ਸਿਹਤ ਸੁਵਿਧਾਵਾਂ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਖੇਡਣ ਲਈ ਸੁਖਾਵਾਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ ਅਤੇ ਖਿਡਾਰੀਆਂ ਨੂੰ ਕੋਚਿਗ ਦੇਣ ਲਈ ਕਰੋੜਾਂ ਰੁਪਏ ਮੁਹੱਈਆ ਕਰਵਾਏ ਗਏ ਹਨ। ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਨਾਲ-ਨਾਲ ਕਰੋੜਾਂ ਰੁਪਏ ਦੇ ਨਗਦ ਇਨਾਮ ਦੇ ਕੇ ਨਿਵਾਜਿਆ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਪੰਜਾਬ ਵਲੋਂ ਸੰਗਰੂਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੀਜਨ-3 ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈ ਰਹੇ ਹਨ।