ਪੰਜਾਬ ਸਰਕਾਰ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਅਤੇ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਸੁਖਾਲੇ ਢੰਗ ਨਾਲ ਕਰਵਾ ਰਹੀ ਹੈ ਮੁਹੱਈਆ : ਵਿਧਾਇਕ ਕਲਸੀ

  • ਕਿਹਾ-ਸੜਕੀ ਆਵਾਜਾਈ ਵਿੱਚ ਸੁਧਾਰ ਦੀ ਦਿਸ਼ਾ ਵਿੱਚ ਉਠਾਏ ਕਈ ਕਦਮ

ਬਟਾਲਾ, 1 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਵਾਜਾਈ ਸੁਧਾਰ ਦੇ ਆਪਣੇ ਮੌਜੂਦਾ ਯਤਨਾਂ ਜਿਵੇਂ ਟਰਾਂਸਪੋਰਟ ਪ੍ਰਸ਼ਾਸਨ ਦੇ ਵੱਖ-ਵੱਖ ਪਹਿਲੂਆਂ ਨੂੰ ਬਿਹਤਰ ਬਣਾਉਣ ਅਤੇ ਸਭ ਨਾਗਰਿਕਾਂ ਲਈ ਸੁਰੱਖਿਅਤ ਸੜਕੀ ਆਵਾਜਾਈ ਯਕੀਨੀ ਬਣਾਉਣ ਸਣੇ ਹੋਰਨਾਂ ਸੂਬਿਆਂ ਵੱਲੋਂ ਅਪਣਾਏ ਜਾਂਦੇ ਵਧੀਆ ਅਭਿਆਸਾਂ ਨੂੰ ਅਪਣਾਉਣ ਅਤੇ ਜਨਤਕ ਸੁਰੱਖਿਆ ਦੇ ਅਹਿਮ ਮੁੱਦੇ ਨਾਲ ਨਜਿੱਠਣ ਲਈ ਯਤਨਸ਼ੀਲ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮਾਨ ਸਰਕਾਰ ਸੱਤਾ ਸੰਭਾਲਣ ਤੋਂ ਹੁਣ ਤੱਕ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਅਤੇ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਸੁਚੱਜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੜਕੀ ਆਵਾਜਾਈ ਵਿੱਚ ਸੁਧਾਰ ਦੀ ਦਿਸ਼ਾ ਵਿੱਚ 144 ਹਾਈ-ਟੈਕ ਵਾਹਨਾਂ ਅਤੇ 5000 ਸਮਰਪਿਤ ਜਵਾਨਾਂ ਨਾਲ ਲੈਸ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਕੀਤੀ ਹੈ। ਇਸ ਤੋਂ ਇਲਾਵਾ ਸੜਕ ਹਾਦਸਿਆਂ ਦੇ ਪੀੜਤਾਂ ਦੀਆਂ ਜਾਨਾਂ ਬਚਾਉਣ ਲਈ ਫ਼ਰਿਸ਼ਤੇ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਵਿਧਾਇਕ ਸ਼ੈਰੀ ਕਲਸੀ ਨੇ ਡਰਾਈਵਿੰਗ ਲਾਇਸੰਸ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਸੇਵਾਵਾਂ ਦੀ ਸ਼ੁਰੂਆਤ ਦਾ ਜਿਕਰ ਕਰਦਿਆਂ ਦੱਸਿਆ ਕਿ 55 ਸਮਾਰਟ ਸੇਵਾਵਾਂ ਵਿੱਚੋਂ 38 ਸੇਵਾਵਾਂ ਲਈ ਬਿਨੈਕਾਰਾਂ ਨੂੰ ਸਬੰਧਤ ਦਫ਼ਤਰ ਵਿੱਚ ਜਾਣ ਦੀ ਲੋੜ ਨਹੀਂ ਹੈ ਜਦਕਿ ਬਾਕੀ 17 ਸੇਵਾਵਾਂ ਲਈ ਬਿਨੈਕਾਰਾਂ ਨੂੰ ਘੱਟੋ-ਘੱਟ ਇੱਕ ਵਾਰ ਦਫ਼ਤਰ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਵਾਹਨਾਂ ਦੀ ਫਿਟਨੈਸ ਸਬੰਧੀ ਜਾਂਚ ਮੋਟਰ ਵਹੀਕਲ ਇੰਸਪੈਕਟਰਾਂ ਵੱਲੋਂ ਮੋਬਾਈਲ ਟੈਬਲੇਟ ਆਧਾਰਿਤ ਤਕਨੀਕ ਦੀ ਵਰਤੋਂ ਕਰਕੇ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਨੇ ਦਸਤੀ ਚਲਾਨਾਂ ਲਈ ਇੱਕ ਈ-ਚਾਲਾਨ ਪ੍ਰਣਾਲੀ ਵੀ ਸ਼ੁਰੂ ਕੀਤੀ ਹੈ ਅਤੇ ਇਸ ਸਬੰਧੀ ਟ੍ਰੈਫਿਕ ਪੁਲਿਸ ਨੂੰ 1200 ਈ-ਚਲਾਨ ਮਸ਼ੀਨਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਚਲਾਨ ਦੇ ਭੁਗਤਾਨਾਂ ਲਈ ਈ-ਭੁਗਤਾਨ ਸੁਵਿਧਾਵਾਂ ਲਾਗੂ ਕੀਤੀਆਂ ਗਈਆਂ ਹਨ।