ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਸ਼ੁਰੂ ਕਰਨ ਦਾ ਫੈਸਲਾ ਬੇਹੱਦ ਸ਼ਲਾਘਾਯੋਗ : ਸੇਖਵਾਂ

ਗੁਰਦਾਸਪੁਰ, 10 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦੇ ਐਲਾਨ ਨਾਲ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹੁਣ ਸੂਬਾ ਵਾਸੀਆਂ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਜਰੀਏ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮਿਲੇਗੀ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਹਰੇਕ ਵਿਅਕਤੀ ਦੀ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮਿ੍ਰਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਨ ਦੀ ਇੱਛਾ ਹੁੰਦੀ ਹੈ। ਸ. ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਤੀਰਥ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰਾ ’ਤੇ ਜਾਣ ਲਈ ਦੋ ਤਰਾਂ ਦੇ ਸਾਧਨ ਹੋਣਗੇ, ਜਿਸ ਵਿੱਚ ਲੰਬੀ ਦੂਰੀ ਦੇ ਧਾਰਮਿਕ ਅਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ। ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਦੇ ਫੈਸਲੇ ਨਾਲ ਸੂਬਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਪੰਜਾਬ ਸਰਕਾਰ ਦਾ ਇੱਕ ਹੋਰ ਮੀਲ ਪੱਥਰ ਸਾਬਤ ਹੋਵੇਗੀ।