ਡਿਪਟੀ ਕਮਿਸ਼ਨਰ ਵੱਲੋਂ ਬਿਆਸ ਇਲਾਕੇ ਵਿੱਚ ਸਥਿਤੀ ਦਾ ਜਾਇਜ਼ਾ

  • ਨਾਜਾਇਜ ਕਬਜੇ ਹਟਾ ਕੇ ਪਾਣੀ ਦਾ ਕੁਦਰਤੀ ਵਹਾਅ ਬਹਾਲ ਕਰਵਾਉਣ ਦੇ ਦਿੱਤੇ ਨਿਰਦੇਸ਼
  • ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ, ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ
  • ਰਾਖੀ ਲਈ 24 ਘੰਟੇ ਮੁਸਤੈਦ : ਡੀ.ਸੀ.

ਅੰਮਿ੍ਤਸਰ, 10 ਜੁਲਾਈ : ਬੀਤੇ ਦਿਨਾਂ ਵਿੱਚ ਪਏ ਮੀਂਹ ਕਾਰਨ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਅਤੇ ਐਸ ਡੀ ਐਮ ਸ੍ਰੀ ਮਤੀ ਅਲਕਾ ਕਾਲੀਆ ਨੇ ਇਲਾਕੇ ਦੇ ਉਨ੍ਹਾਂ ਪਿੰਡਾਂ ਦਾ ਜਾਇਜ਼ਾ ਲਿਆ, ਜਿੱਥੇ ਕਿ ਪਾਣੀ ਰੁਕ ਜਾਣ ਕਾਰਨ ਸਮੱਸਿਆ ਆਈ ਹੈ।ਇੰਨਾ ਪਿੰਡਾਂ ਵਿੱਚ ਬਿਆਸ, ਕਾਲੇਕੇ, ਸੁਧਾਰ ਰਾਜਪੂਤਾਂ, ਖਿਲਚੀਆਂ, ਜਸਪਾਲ, ਭਲਾਈਪੁਰ ਪੁਰਬਾ ਆਦਿ ਪਿੰਡ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਬੰਨ੍ਹ ’ਤੇ ਵੀ ਪਾਣੀ ਦੇ ਪੱਧਰ ’ਤੇ ਪੈਨੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਅਤੇ ਕਿਹਾ ਜਿੱਥੇ ਵੀ ਲੋਕਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹਨ, ਨੂੰ ਹਟਾ ਕੇ ਪਾਣੀ ਦੇ ਕੁਦਰਤੀ ਵਹਾਅ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਗਾਊਂ ਤੌਰ ’ਤੇ ਡਾਕਟਰੀ ਟੀਮਾਂ ਤੈਨਾਤ ਕਰਨ ਸਮੇਤ ਐਂਟੀ ਸਨੇਕ ਵੈਨੁਮ ਦਵਾਈ ਵੱਡੀ ਮਾਤਰਾ ਵਿਚ ਉਪਲੱਬਧ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਤੋਂ ਹੀ ਤਿਆਰੀ ਰੱਖੀ ਜਾਵੇ ਤਾਂ ਜੋ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਪਰ ਫਿਰ ਵੀ ਅਸੀਂ ਪਾਣੀ ਆਉਣ ਦੀ ਸਥਿਤੀ ਵਿਚ ਲੋਕਾਂ ਨੂੰ ਠਹਿਰਾਉਣ ਸਮੇਤ ਖਾਣਪੀਣ ਦੇ ਯੋਗ ਪ੍ਰਬੰਧ ਕੀਤੇ ਹਨ। ਉਨ੍ਹਾਂ ਇਸ ਲਈ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੂੰ ਵੀ ਸਹਿਯੋਗ ਕਰਨ ਲਈ ਕਿਹਾ। ਉਨ੍ਹਾਂ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਚੌਕਸੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਲੋਕਾਂ ਨੂੰ ਕਿਸੇ ਵੀ ਘਬਰਾਹਟ ਵਿਚ ਆਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ 24 ਘੰਟੇ ਹਰ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ, ਜਿਸ ਦੇ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਮੇਤ ਸਮੁੱਚਾ ਅਮਲਾ ਕਾਰਜਸ਼ੀਲ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ’ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ।