ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੇ ਨਿਰਦੇਸਾਂ ਹੇਠ ਜ਼ਿਲ੍ਹੇ ਭਰ ਦੇ ਸਕੂਲਾਂ ਨੇ ਮਨਾਇਆ ਸੜਕ ਸੁਰੱਖਿਆ ਦਿਵਸ 

ਤਰਨ ਤਾਰਨ, 09  ਫਰਵਰੀ : ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਅਤੇ ਉਹਨਾਂ ਨੂੰ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਨਿਰਦੇਸਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੁਸ਼ੀਲ ਕੁਮਾਰ ਤੁਲੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਦਲਜੀਤ ਕੌਰ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਭਰ ਦੇ ਸੈਕੰਡਰੀ ਅਤੇ ਐਲੀਮੈਂਟਰੀ ਸਕੂਲਾਂ ਵਿੱਚ ਸੜਕ ਸੁਰੱਖਿਆ ਦਿਵਸ ਮਨਾਇਆ ਗਿਆ । ਇਸ ਦੌਰਾਨ ਅਧਿਆਪਕ ਸਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸੜਕ ਸੁਰੱਖਿਆ ਨਿਯਮਾਂ ਨਾਲ ਸਬੰਧਿਤ ਪੋਸਟਰ ਮੇਕਿੰਗ, ਚਾਰਟ ਮੇਕਿੰਗ, ਕੁਇਜ਼ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਵਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਸੜਕ ਹਾਦਸਿਆਂ ਤੋਂ ਬਚਾਅ ਲਈ ਨੌਜਵਾਨ ਪੀੜ੍ਹੀ ਖ਼ਾਸ ਤੌਰ ਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਬਹੁਤ ਹੀ ਜਰੂਰੀ ਹੈ। ਉਹਨਾਂ ਕਿਹਾ ਕਿ ਅਧਿਆਪਕ ਸਹਿਬਾਨ ਵੱਲੋਂ ਵਿਦਿਆਰਥੀਆਂ ਨੂੰ ਲਗਾਤਾਰ ਹਾਦਸਿਆਂ ਪ੍ਰਤੀ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ । ਉਹਨਾਂ ਇਸ ਮੌਕੇ ਵਿਦਿਆਰਥੀਆਂ ਨੂੰ ਆਵਾਜਾਈ ਦੇ ਨਿਯਮਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ ।  ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸੁਸ਼ੀਲ ਕੁਮਾਰ ਤੁਲੀ ਨੇ ਕਿਹਾ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਕੇ ਉਹਨਾਂ ਨੂੰ ਚੰਗੇ  ਨਾਗਰਿਕ ਬਣਾਉਣ ਦਾ ਫਰਜ ਨਿਭਾਇਆ ਹੈ । ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਦਲਜੀਤ ਕੌਰ ਨੇ ਦੱਸਿਆ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਮੁਕਾਬਲਿਆਂ ਵਿੱਚ ਵਿਸ਼ੇਸ਼ ਰੂਚੀ ਦਿਖਾਈ ਗਈ । ਉਹਨਾਂ ਦੱਸਿਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਉੱਤਮ ਨਾਗਰਿਕ ਬਣਾਉਣ ਵਿੱਚ ਬਹੁਤ ਹੀ ਲਾਹੇਵੰਦ ਹਨ ।