ਐਸ.ਡੀ.ਐਮ ਡਾ. ਭੰਡਾਰੀ ਦੀ ਪ੍ਰਧਾਨਗੀ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਲੱਸਟਰ ਅਤੇ ਬਲਾਕ ਪੱਧਰੀ ਅਧਿਕਾਰੀਆਂ ਨਾਲ ਮੀਟਿੰਗ

  • ਕਿਹਾ-ਪਰਾਲੀ ਨੂੰ ਅੱਗ ਨਾ ਲਗਾਉਣ ਲਈ ਫੀਲਡ ਵਿੱਚ ਹੋਰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ

ਬਟਾਲਾ, 23 ਅਕਤੂਬਰ : ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਦੀ ਪ੍ਰਧਾਨਗੀ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਮੂਹ ਕਲੱਸਟਰ ਅਤੇ ਬਲਾਕ ਪੱਧਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਫੀਲਡ ਵਿੱਚ ਹੋਰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ ਅਤੇ ਰੋਜਾਨਾ ਕੀਤੀ ਕਾਰਵਾਈ ਦੀ ਰਿਪੋਰਟ ਭੇਜਣ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਅਭਿਸ਼ੇਕ ਵਰਮਾ ਤਹਿਸੀਲਦਾਰ ਬਟਾਲਾ, ਨਿਰਮਲ ਸਿੰਘ ਨਾਇਬ ਤਹਿਸੀਲਦਾਰ ਸ੍ਰੀ ਹਰਗੋਬਿੰਦਪੁਰ ਸਾਹਿਬ, ਡਾ. ਅਮਰੀਕ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ ਸਮੇਤ ਵੱਖ ਵੱਖ ਅਧਿਕਾਰੀ ਮੋਜੂਦ ਸਨ। ਮੀਟਿੰਗ ਦੌਰਾਨ ਐਸ.ਡੀ.ਐਮ ਬਟਾਲਾ ਨੇ ਕਿਹਾ ਕਿ ਝੋਨੇ ਦੀ ਫਸਲ ਦੀ ਕਟਾਈ ਦਾ ਕੰਮ ਜੋਰਾਂ ਨਾਲ ਚੱਲ ਰਿਹਾ ਹੈ ਅਤੇ ਇਸ ਦੋਰਾਨ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਿਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ, ਉਸ ਦੇ ਨਾਲ-ਨਾਲ ਫੀਲਡ ਵਿੱਚ ਡਿਊਟੀ ਪੂਰੀ ਤਨਦੇਹੀ ਨਾਲ ਕੀਤੀ ਜਾਵੇ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲੇ ਭਰ ਅੰਦਰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਮੁਹਿੰਮ ਵਿੱਢੀ ਗਈ ਹੈ, ਜਿਸ ਨੂੰ ਸਫਲ ਬਣਾਉਣ ਲਈ ਕਿਸੇ ਪ੍ਰਕਾਰ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ। ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਜ਼ਿਲਾ ਪੱਧਰ ਤੇ ਕੰਟਰੋਲ ਨੰਬਰ ਸਥਾਪਤ ਕੀਤਾ ਗਿਆ ਹੈ ਤਾਂ ਜੋ ਜੇਕਰ ਕਿਸੇ ਵੀ  ਕਿਸਾਨ ਨੂੰ ਕਿਸੇ ਕਿਸਮ ਦੀ ਸਮੱਸਿਆ ਆਉਂਦੀ ਹੈ ਜਾਂ ਕਿਤੇ ਪਰਾਲੀ ਨੂੰ ਅੱਗ ਲੱਗਦੀ ਦਿਖਾਈ ਦਿੰਦੀ ਹੈ ਤਾਂ 24 ਘੰਟੇ ਕਿਸੇ ਸਮੇਂ ਟੋਲ ਫਰੀ ਨੰਬਰ 1800-180-1852 ਤੇ ਸੰਪਰਕ ਕਰ ਸਕਦਾ ਹੈ।  ਉਨਾਂ ਅੱਗੇ ਦੱਸਿਆ ਇਸ ਤੋਂ ਇਲਾਵਾ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਕਿਸੇ ਕਿਸਮ ਦੀ ਖੇਤੀ ਮਸ਼ੀਨਰੀ ਜਿਵੇਂ ਬੇਲਰ, ਸੁਪਰ ਸੀਡਰ, ਹੈਪੀ ਸੀਡਰ ਆਦਿ ਦੀ ਜ਼ਰੂਰਤ ਹੋਵੇ ਤਾਂ ਵੀ ਇਸ ਨੰਬਰ ਤੇ ਜਾਂ ਖੇਤੀ ਅਧਿਕਾਰੀਆਂ ਦੇ ਮੋਬਾਇਲ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਅੱਗੇ ਦੱਸਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਹੌਟ ਸਪੋਟ ਪਿੰਡ ਪ੍ਰਦੂਸ਼ਣ ਮੁਕਤ ਹੋਣ ਤੇ ਸੰਬੰਧਤ  ਪਿੰਡਾਂ ਨੂੰ ਇਕ ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਮਿਲੇਗੀ ਅਤੇ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਵਾਤਾਵਰਣ ਦੇ ਰੱਖਵਾਲੇ ਦੇ ਤੌਰ ਤੇ ਸਨਮਾਨਿਤ ਕਰਦਿਆਂ ਵਿਸ਼ੇਸ਼ ਸਰਟੀਫੀਕੇਟ ਦਿੱਤੇ ਜਾਣਗੇ ,ਜਿੰਨਾਂ ਨੂੰ ਕਿਸੇ ਵੀ ਦਫਤਰ ਵਿੱਚ ਦਿਖਾ ਕੇ ਪਹਿਲ ਦੇ ਅਧਾਰ ਤੇ ਕੰਮ ਕਰਵਾ ਸਕਣਗੇ। ਐਸ.ਡੀ.ਐਮ ਬਟਾਲਾ ਨੇ ਅੱਗੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿੱਚ ਫਸਲੀ ਰਹਿੰਦ ਖੂੰਹਦ ਦੀ ਅੱਗ ਨੂੰ ਰੋਕਣ ਲਈ ਧਾਰਾ 144 ਤਹਿਤ ਪਾਬੰਦੀ ਲਗਾਈ ਗਈ ਹੈ ਅਤੇ ਜੋ ਵੀ ਵਿਅਕਤੀ ਇਨਾਂ ਹੁਕਮਾਂ ਦੀ ਉਲੰਘਣਾ ਕਰਕੇ ਫਸਲੀ ਰਹਿੰਦ ਖੂੰਹਦ ਨੂ ਅੱਗ ਲਗਾਏਗਾ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੱਲ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋ ਲਗਾਤਾਰ ਪਿੰਡਾਂ ਅੰਦਰ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਮੀਟਿੰਗਾਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।