ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

  • ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ

ਅੰਮ੍ਰਿਤਸਰ, 10 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਨਿਰਮਲ ਸਿੰਘ ਨੇ ਸਰਵਣ ਕਰਵਾਇਆ। ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਸੰਗਤ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾ ਕਿਹਾ ਕਿ ਗੁਰੂ ਸਾਹਿਬ ਨੇ ਹੱਕ, ਸੱਚ ਦੀ ਖ਼ਾਤਰ ਆਪਣੀ ਸ਼ਹਾਦਤ ਦਿੱਤੀ ਅਤੇ ਜਬਰ ਦਾ ਮੁਕਾਬਲਾ ਕਰਨ ਵਾਸਤੇ ਮਾਨਵਤਾ ਨੂੰ ਭੈਅ ਮੁਕਤ ਕੀਤਾ।  ਉਨ੍ਹਾ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੈਨੇਜਰ ਸ. ਹਰਪ੍ਰੀਤ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਵੀ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।