ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ

  • 29 ਅਕਤੂਬਰ ਤੋਂ 13 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ

ਅੰਮ੍ਰਿਤਸਰ, 13 ਨਵੰਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਹ 29 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਗੁਰਮਤਿ ਦੇ ਪ੍ਰਚਾਰ ਤੇ ਪੰਥ ਦੇ ਵਾਧੇ ਲਈ ਨਿਰੰਤਰ ਕਾਰਜਸ਼ੀਲ ਹਨ। ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਇਸੇ ਤਰ੍ਹਾਂ ਹਰ ਸਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਲੈ ਕੇ ਬੰਦੀ ਛੋੜ ਦਿਵਸ (ਦੀਵਾਲੀ) ਤੱਕ ਕਥਾ ਸੇਵਾਵਾਂ ਨਿਭਾਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਪਿੰਦਰਪਾਲ ਸਿੰਘ ਸਿੱਖ ਕੌਮ ਦੇ ਪ੍ਰਬੁੱਧ ਕਥਾਵਾਚਕ ਹਨ, ਜੋ ਧਰਮ ਪ੍ਰਚਾਰ ਦੇ ਖੇਤਰ ਵਿਚ ਅਹਿਮ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਲੈ ਕੇ ਭਾਈ ਸਾਹਿਬ ਨੇ 16 ਦਿਨ ਲਗਾਤਾਰ ਕਥਾ ਦੀ ਸੇਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੁਕਮਨਾਮੇ ਦੀ ਵਿਆਖਿਆ ਨਾਲ ਸੰਗਤ ਨੂੰ ਜੋੜ ਕੇ ਗੁਰੂ ਦੀ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਹਨ ਅਤੇ ਅਰਦਾਸ ਹੈ ਕਿ ਇਹ ਇਸੇ ਤਰ੍ਹਾਂ ਸਿੱਖ ਕੌਮ ਦੀ ਸੇਵਾ ਕਰਦੇ ਰਹਿਣ। ਇਸੇ ਦੌਰਾਨ ਭਾਈ ਪਿੰਦਰਪਾਲ ਸਿੰਘ ਨੂੰ ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸੰਗਤਾਂ ਵੱਲੋਂ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਸਿੰਘ ਸਾਹਿਬ ਗਿਆਨੀ ਚੇਤ ਸਿੰਘ ਦੇ ਸਪੁੱਤਰ ਭਾਈ ਤਰਲੋਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟਿੰਡੈਂਟ ਸ. ਨਿਸ਼ਾਨ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਸ. ਸਰਬਜੀਤ ਸਿੰਘ ਢੋਟੀਆਂ, ਸ. ਕੁਲਦੀਪ ਸਿੰਘ ਪੰਡੋਰੀ ਆਦਿ ਮੌਜੂਦ ਸਨ।