‘‘ਆਪ ਦੀ ਸਰਕਾਰ, ਆਪ ਦੇ ਦੁਆਰ’’ ਤਹਿਤ ਸਕੱਤਰੀ ਬਾਗ ਵਿਖੇ ਲਗਾਇਆ ਸਪੈਸ਼ਲ ਕੈਂਪ

  • ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ – ਨਿੱਝਰ
  • ਆਮ ਲੋਕਾਂ ਨੂੰ ਇਕ ਹੀ ਥਾਂ ਸਾਰੀਆਂ ਸਰਕਾਰੀ ਸਹੂਲਤਾਂ ਦੇਣ ਦੀ ਕੋਸ਼ਿਸ਼ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 26 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਰੋਜਾਨਾ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। "ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਆਮਦਨੀ ਖਰਚਾ ਵੀ ਘੱਟ ਹੁੰਦਾ ਹੈ। ਅੱਜ ਅੰਮ੍ਰਿਤਸਰ ਦੱਖਣੀ ਹਲਕੇ ਵਿੱਚ ਸਕੱਤਰੀ ਬਾਗ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਥੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਕੀਤੀਆਂ ਗਈਆਂ। ਇਸ ਮੌਕੇ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਕੈਂਪ ਦੌਰਾਨ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾਂ, ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀਙ ਵਲੋਂ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਲਗਾਏ ਗਏ ਕਾਊਂਟਰਾਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹਰ ਇੱਕ ਲਾਭਪਾਤਰੀ ਨੂੰ ਸਰਕਾਰ ਅਤੇ ਸਬੰਧਤ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਕਿਸੇ ਵੀ ਸਹੂਲਤ ਤੋਂ ਵਾਝਾਂ ਨਾ ਰਹਿ ਸਕੇ।  ਐਸ.ਡੀ.ਐਮ. ਮਨਕੰਵਲ ਸਿੰਘ ਚਾਹਲ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੇ ਮੌਕੇ ਉਤੇ ਹਾਜ਼ਰ ਰਹਿ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਸਬੰਧੀ ਵੀ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ।