ਚਮੜੀ ਦੇ ਰੋਗਾਂ, ਆਈ ਫਲੂ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਲਗਾਏ ਜਾ ਰਹੇ ਹਨ ਵਿਸ਼ੇਸ ਮੈਡੀਕਲ ਕੈਂਪ : ਡਿਪਟੀ ਕਮਿਸ਼ਨਰ

ਤਰਨ ਤਾਰਨ, 01 ਅਗਸਤ : ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਚਮੜੀ ਦੇ ਰੋਗਾਂ, ਆਈ ਫਲੂ ਅਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ ਆਦਿ ਤੋਂ ਬਚਾਉਣ ਲਈ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਵਿਸ਼ੇਸ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਮਿਲ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦਿਨ ਰਾਤ ਮੈਡੀਕਲ ਸੁਵਿਧਾਵਾਂ ਪ੍ਰਦਾਨ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਆਈ ਫਲੂ, ਚਮੜੀ ਦੇ ਰੋਗਾਂ, ਡੇਂਗੂ, ਮਲੇਰਆ ਆਦਿ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਨੂੰ ਰੋਕਣ ਲਈ ਵੱਡੇ ਪੱਧਰ ‘ਤੇ ਮੈਡੀਕਲ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀਆਂ ਟੀਮਾ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ ਤੇ ਮੈਡੀਕਲ ਟੀਮਾਂ ਪੂਰੀ ਤਰ੍ਹਾਂ ਸਰਗਰਮ ਹੋ ਕੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਪ੍ਰਦਾਨ ਕਰ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ `ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਪਿੰਡਾਂ ਵਿਚ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਓ ਲਈ ਦਵਾਈਆਂ ਮੁਫਤ ਦੇਣ ਦੇ ਨਾਲ-ਨਾਲ ਡਾਇਰੀਆ ਆਦਿ ਤੋਂ ਬਚਾਓ ਲਈ ਓ. ਆਰ. ਐੱਸ ਦੇ ਪੈਕੇਟ ਵੰਡੇ ਜਾ ਰਹੇ ਹਨ ਤਾਂ ਜੋ ਇਸ ਗੰਭੀਰ ਸਥਿਤੀ ਵਿਚ ਲੋਕਾਂ ਦੀ ਸਿਹਤ ਸਥਿਰ ਬਣੀ ਰਹਿ ਸਕੇ ਅਤੇ ਲੋਕ ਬਿਮਾਰੀਆਂ ਤੋਂ ਮੁਕਤ ਰਹਿ ਕੇ ਇਸ ਆਫਤ ਦਾ ਮੁਕਾਬਲਾ ਕਰ ਸਕਣ। ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ ਕਿ ਡੇਂਗੂ ਦਾ ਮਛਰ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ, ਜੇਕਰ ਕਿਸੇ ਨੂੰ ਵੀ ਬੁਖ਼ਾਰ ਹੁੰਦਾ ਹੈ ਤਾਂ ਉਹ ਆਪਣਾ ਡੇਂਗੂ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਦਾ ਹੈ।ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ-ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ।ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਘਰ ਵਿੱਚ ਕੂਲਰਾਂ, ਫਰਿੱਜ਼ ਦੀ ਟਰੇਅ, ਗਮਲਿਆਂ ਆਦਿ ਦੀ ਹਫਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ।