ਰਾਜ ਸਰਕਾਰ ਨੇ 12500 ਕੱਚੇ ਅਧਿਆਪਕਾਂ ਨੂੰ ਪੱਕਿਆਂ ਕਰਕੇ ਇਤਿਹਾਸ ਰਚਿਆ : ਚੇਅਰਮੈਨ ਸੇਖਵਾਂ

  • ਜ਼ਿਲ੍ਹਾ ਗੁਰਦਾਸਪੁਰ ਦੇ 997 ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਦੇ ਆਰਡਰ ਮਿਲੇ 

ਕਾਹਨੂੰਵਾਨ, 28 ਜੁਲਾਈ : ਪੰਜਾਬ ਵਿੱਚ ਕੱਚੇ ਅਧਿਆਪਕਾਂ ਲਈ ਅੱਜ ਦਾ ਦਿਨ ਇਤਿਹਾਸਕ ਤੇ ਯਾਦਗਾਰੀ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੇ 12500 ਦੇ ਕਰੀਬ ਕੱਚੇ ਅਧਿਆਪਕਾਂ ਨੂੰ ਸੇਵਾਵਾਂ ਪੱਕੀਆਂ ਕਰਨ ਸਬੰਧੀ ਨਿਯੁਕਤੀ ਪੱਤਰ ਸੌਂਪੇ। ਇਸੇ ਲੜੀ ਵਿੱਚ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਕੱਚੇ ਅਧਿਆਪਕਾਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨੂੰਵਾਨ ਵਿਖੇ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂਨੇ ਕਿਹਾ ਕਿ ਅੱਜ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਕੁੱਲ 997 ਕੱਚੇ ਅਧਿਆਪਕਾਂ ਨੂੰ ਪੱਕੇ ਹੋਣ ਦੇ ਆਰਡਰ ਦਿੱਤੇ ਗਏ ਹਨ। ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਅਧਿਆਪਕ ਦੇਸ਼ ਅਤੇ ਸਮਾਜ ਦੇ ਭਵਿੱਖ ਨਿਰਮਾਤਾ ਹਨ ਅਤੇ ਅੱਜ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਨੇ ਇਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕਰਕੇ ਇਨ੍ਹਾਂ ਦਾ ਭਵਿੱਖ ਸੁਰੱਖਿਅਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਲਗਭਗ 10 ਸਾਲਾਂ ਦੀ ਲੰਬੀ ਉਡੀਕ ਖਤਮ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਅਧਿਆਪਕ ਹੋਰ ਵੀ ਮਿਹਨਤ ਤੇ ਲਗਨ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਯੋਗ ਅਗਵਾਈ ਵਿੱਚ ਸਿੱਖਿਆ ਵਿਭਾਗ ਲਗਾਤਾਰ ਉਚਾਈਆਂ ਨੂੰ ਛੋਹ ਰਿਹਾ ਹੈ ਅਤੇ ਛੇਤੀ ਹੀ ਪੰਜਾਬ ਨੂੰ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣੇਗਾ। ਇਸ ਮੌਕੇ ਚੇਅਰਮੈਨ ਸ. ਸੇਖਵਾਂ ਨੇ ਪੱਕੇ ਹੋਣ ਵਾਲੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸ੍ਰੀਮਤੀ ਮਮਤਾ ਖੁਰਾਣਾ ਸੇਠੀ ਅਤੇ ਸਕੂਲ ਦਾ ਸਟਾਫ਼ ਹਾਜ਼ਰ ਸੀ।