ਜ਼ਿਲ੍ਹਾ ਤਰਨ ਤਾਰਨ ਅੰਦਰ ਇਸ ਸੀਜ਼ਨ ਦੌਰਾਨ ਲੱਗਭੱਗ 10 ਲੱਖ ਨਵੇਂ ਬੂਟੇ ਲਗਾਉਣ ਦਾ ਟੀਚਾ-ਡਿਪਟੀ  ਕਮਿਸ਼ਨਰ

  • ਹੁਣ ਤੱਕ ਵੱਖ-ਵੱਖ ਵਿਭਾਗਾਂ ਵੱਲੋਂ ਲਗਾ ਜਾ ਚੁੱਕੇ ਹਨ 01 ਲੱਖ 70 ਹਜ਼ਾਰ ਦੇ ਕਰੀਬ ਬੂਟੇ

ਤਰਨ ਤਾਰਨ, 17 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਪੰਜਾਬ ਸਰਕਾਰ ਦੀ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਮੁਹਿੰਮ ਨੂੰ ਸਿਰੇ ਚੜਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਪੌਦੇ ਲਗਾਉਣ ਲਈ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਧਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਕਿਰਪਾਲਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਹਰਪਾਲ ਸਿੰਘ ਪੰਨੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਅੰਦਰ ਇਸ ਸੀਜ਼ਨ ਦੌਰਾਨ ਲੱਗਭੱਗ 10 ਲੱਖ ਨਵੇਂ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਵਿਭਾਗਾ ਵੱਲੋਂ 01 ਲੱਖ, 70 ਹਜ਼ਾਰ ਦੇ ਕਰੀਬ ਬੂਟੇ ਲਗਾ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਹ ਰੁੱਖ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆ ਸੜਕਾਂ ਦੇ ਕਿਨਾਰਿਆ, ਸਰਕਾਰੀ ਦਫਤਰਾਂ, ਪੰਚਾਇਤੀ ਥਾਵਾਂ, ਜੰਗਲਾਤ ਮਹਿਕਮੇ ਅਧੀਨ ਆਉਦੀ ਜਗ੍ਹਾ, ਸਰਕਾਰੀ ਅਤੇ ਪ੍ਰਾਈਵੇਟ ਟਿਉਬਵੈੱਲ ਆਦਿ ਥਾਵਾਂ ‘ਤੇ ਲਗਾਏ ਜਾ ਰਹੇ ਹਨ।ਇਸ ਮੌਕੇ ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੰਨ੍ਹਾਂ ਵਿਭਾਗਾਂ ਦੀ ਪ੍ਰਗਤੀ ਘੱਟ ਪਾਈ ਗਈ ਉਹਨਾਂ ਨੂੰ ਜਲਦ ਤੋਂ ਜਲਦ ਆਪਣਾ ਟੀਚਾ ਪੂਰਾ ਕਰਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਇਸ ਮੁਹਿੰਮ ਵਿੱਚ ਉਤਸਾਹ ਨਾਲ ਭਾਗ ਲਵੇ। ਉਹਨਾਂ ਨੇ ਕਿਹਾ ਕਿ ਸਕੂਲਾਂ ਵਿੱਚ ਜਿੱਥੇ ਖਾਲੀ ਥਾਵਾਂ ‘ਤੇ ਪੌਦੇ ਲਗਾਏ ਜਾ ਰਹੇ ਹਨ, ਉਹਨਾਂ ਦੀ ਦੇਖ-ਭਾਲ ਦਾ ਕੰਮ ਯਕੀਨੀ ਬਣਾਇਆ ਜਵੇ।ਇਸ ਮੌਕੇ ਉਹਨਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਨਰੇਗਾ ਦੇ ਤਹਿਤ ਪਿੰਡਾਂ ਵਿੱਚ ਸਾਂਝੀਆਂ ਥਾਵਾਂ ‘ਤੇ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਇਸ ਮੁਹਿੰਮ ਦੀ ਹਫਤਾਵਾਰੀ ਪੱਧਰ ‘ਤੇ ਨਿਗਰਾਨੀ ਕਰਨਗੇ ਅਤੇ ਇਸ ਵਿੱਚ ਕਿਸੇ ਵੀ ਪ੍ਰਕਾਰ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।