- ਨਸ਼ਾ ਕੇਵਲ ਕਾਨੂੰਨੀ ਨਹੀਂ ਬਲਕਿ ਸਮਾਜਿਕ ਬੁਰਾਈ
ਅੰਮ੍ਰਿਤਸਰ, 27 ਦਸੰਬਰ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਤੇਜੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਵਿਕਾਸ ਕਾਰਜਾਂ ਦਾ ਰੀਵਿਊ ਕਰਦੇ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਅਤੇ ਹਲਕੇ ਵਿੱਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਗਲੀਆਂ, ਨਾਲੀਆਂ ਅਤੇ ਸੀ:ਸੀ:ਟੀ:ਵੀ ਕੈਮਰਿਆਂ ਲਈ ਫੰਡ ਮਨਜੂਰ ਹੋ ਚੁੱਕੇ ਹਨ ਅਤੇ ਚੜ੍ਹਦੇ ਸਾਲ ਇਹ ਸਾਰੇ ਕੰਮ ਸ਼ੁਰੂ ਹੋ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ –ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਕਾਸ ਕਾਰਜ ਗੁਣਵੱਤਾ ਭਰਪੂਰ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਨਸ਼ਾ ਕੇਵਲ ਕਾਨੂੰਨੀ ਹੀ ਨਹੀਂ ਬਲਕਿ ਸਮਾਜਿਕ ਬੁਰਾਈ ਹੈ ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨਸ਼ਾ ਖਤਮ ਕਰਨ ਲਈ ਵਚਨਬੱਧ ਹੈ ਅਤੇ ਰੋਜਾਨਾ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਪੁਲਿਸ ਵੱਲੋਂ ਕਾਰਵਾਈ ਕਰਕੇ ਕਬਜੇ ਵਿੱਚ ਲਈਆਂ ਗਈਆਂ ਹਨ ਅਤੇ ਸਮਗਲਰਾਂ ਦੇ ਨੈਟਵਰਕ ਨੂੰ ਤੋੜਣ ਲਈ ਵੱਡੇ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਉਪਰੰਤ ਕੈਬਨਿਟ ਮੰਤਰੀ ਸ੍ਰ ਧਾਲੀਵਾਲ ਵੱਲੋਂ ਵਾਰਡ ਨੰ 11 ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਪਿੰਡ ਪੱਧਰ ਤੇ ਪਾਰਟੀ ਨੂੰ ਮਜਬੂਤ ਕਰ ਰਹੇ ਹਾਂ ਅਤੇ ਚੋਣਾਂ ਤੋਂ ਪਹਿਲਾਂ ਜੋ ਗਾਰੰਟੀਆਂ ਕੀਤੀਆਂ ਸਨ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਡੇਢ ਸਾਲ ਦੇ ਅੰਦਰ ਹੀ 45000 ਤੋਂ ਵਧੇਰੇ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਇਆ ਹੈ। ਉਨ੍ਹਾਂ ਕਿਹਾ ਜਲਦੀ ਦੀ ਸੂਬੇ ਭਰ ਵਿੱਚ ਕੰਪਨੀਆਂ ਆ ਰਹੀਆਂ ਜਿਸ ਨਾਲ ਨੌਜਵਾਨਾਂ ਨੂੰ ਰੁਜਗਾਰ ਦੇ ਸਾਧਨ ਪ੍ਰਾਪਤ ਹੋਣਗੇ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸ਼ਿਵਦੀਪ ਸਿੰਘ ਚਾਹਲ, ਕੌਂਸਲਰ ਬਲਜਿੰਦਰ ਕੌਰ ਗਿੱਲ, ਹਰਪ੍ਰੀਤ ਸਿੰਘ ਹੈਪੀ ਗਿੱਲ, ਕੌਂਸਲਰ ਬੀਬੀ ਗਿਆਨ ਕੌਰ, ਕੌਂਸਲਰ ਅਵਿਨਾਸ਼ ਮਸੀਹ, ਯੁੱਧਵੀਰ ਸਿੰਘ, ਰਣਬੀਰ ਸਿੰਘ ਅਤੇ ਸ੍ਰ ਰਾਜਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਹਾਜਰ ਸਨ।