ਤਰਨ ਤਾਰਨ, 04 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ. ਵੀ. ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਦੋ ਮੋਬਾਇਲ ਵੈਨਾਂ ਚੱਲ ਰਹੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ਮੋਬਾਇਲ ਵੋਟਰ ਜਾਗਰੂਕਤਾ ਵੈਨਾਂ ਰਾਹੀਂ ਹਲਕੇ ਦੇ ਲੋਕਾਂ ਨੂੰ ਜਿੱਥੇ ਵੋਟ ਪਾਉਣ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਵੋਟਰਾਂ ਨੂੰ ਈ. ਵੀ. ਐੱਮ. ਤੇ ਵੀ. ਵੀ. ਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਵੀ ਮੁਹਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 8 ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਚਲਾਉਣ ਦਾ ਮੁੱਖ ਮੰਤਵ ਆਮ ਲੋਕਾਂ ਵਿੱਚ ਈ. ਵੀ. ਐੱਮ./ਵੀ. ਵੀ. ਪੈਟ ਰਾਹੀਂ ਵੋਟ ਪਾਉਣ ਦੇ ਤਰੀਕਿਆਂ ਸਬੰਧੀ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਵੋਟਰਾਂ ਨੁੰ ਅਪੀਲ ਕਰਦਿਆਂ ਕਿਹਾ ਕਿ ਉਹ ਜਦੋਂ ਵੀ ਇਹ ਮੋਬਾਈਲ ਵੈਨਾਂ ਉਨ੍ਹਾਂ ਦੇ ਪਿੰਡ ਜਾਂ ਸਹਿਰ ਆਉਂਦੀਆਂ ਹਨ ਤਾਂ ਉਹ ਇਸ ਤੋਂ ਆਪਣੀ ਵੋਟ ਪਾਉਣ ਦੀ ਪ੍ਰਕਿਰਿਆ ਸਬੰਧੀ ਪੂਰੀ ਜਾਣਕਾਰੀ ਹਾਸਲ ਕਰਨ ਤਾਂ ਜੋ ਚੋਣਾਂ ਸਮੇਂ ਵੋਟ ਪਾਉਣ ਵਿੱਚ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।