- ਕੈਂਪਾਂ ਦੌਰਾਨ 500 ਸੇਵਾਵਾਂ ਕਰਵਾਈਆਂ ਮੁਹੱਈਆ, 59 ਸ਼ਿਕਾਇਤਾਂ ਵਿਚੋਂ 52 ਦਾ ਕੀਤਾ ਨਿਪਟਾਰਾ
- ਡਿਪਟੀ ਕਮਿਸ਼ਨਰ ਨੇ ਪਿੰਡ ਫਤਹਿਪੁਰ ਰਾਈਆਂ ਵਿਖੇ ਲਗਾਏ ਕੈਂਪ ਦਾ ਲਿਆ ਜਾਇਜਾ
ਫ਼ਤਹਿਗੜ੍ਹ ਸਾਹਿਬ 07 ਫਰਵਰੀ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲਗਾਏ ਗਏ ਕੈਂਪਾਂ ਨੂੰ ਜ਼ਿਲੇ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਲਗਭਗ 1200 ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਲੈਣ ਲਈ ਇਨ੍ਹਾਂ ਕੈਂਪਾਂ ਵਿੱਚ ਭਾਗ ਲਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪਿੰਡ ਫਤਹਿਪੁਰ ਰਾਈਆਂ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਕੈਂਪ ਦਾ ਜਾਇਜਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜਨਾਂ ਦੇ ਪਿੰਡਾਂ ਤੇ ਸ਼ਹਿਰਾਂ ਦੀਆਂ ਵਾਰਡਾਂ ਲਈ ਲਗਾਏ ਗਏ ਕੈਂਪਾਂ ਵਿੱਚ ਪ੍ਰਾਪਤ ਹੋਈਆਂ 59 ਸ਼ਿਕਾਇਤਾਂ ਵਿਚੋਂ 52 ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 500 ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਹੋਰ ਦੱਸਿਆ ਕਿ ਇਹ ਕੈਂਪ ਲਗਾਤਾਰ 09 ਮਾਰਚ ਤੱਕ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਵੱਧ ਤੋਂ ਵੱਧ ਨਾਗਰਿਕਾਂ ਨੂੰ ਲਾਭ ਦੇਣ ਲਈ ਸਰਕਾਰ ਵੱਲੋਂ ਪ੍ਰਚਾਰ ਵੈਨਾਂ ਵੀ ਭੇਜੀਆਂ ਗਈਆਂ ਹਨ ਜੋ ਕਿ ਕੈਂਪ ਲੱਗਣ ਤੋਂ ਇੱਕ ਦਿਨ ਪਹਿਲਾਂ ਪਿੰਡਾਂ ਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਕੈਂਪਾਂ ਬਾਰੇ ਜਾਗਰੂਕ ਕਰਨਗੀਆਂ ਤਾਂ ਜੋ ਕੋਈ ਵੀ ਨਾਗਰਿਕ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਕਿਉਂਕਿ ਪਹਿਲਾਂ ਲੋਕਾਂ ਨੂੰ ਸੇਵਾਵਾਂ ਲੈਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਮਾਰਨੇ ਪੈਂਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।