- ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਪਹੁੰਚੇ ਸੈਂਕੜੇ ਲੋਕਾਂ ਨੇ ਕੈਂਪ ਦਾ ਲਿਆ ਲਾਭ
ਫ਼ਰੀਦਕੋਟ 10 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ 525 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਇੰਤਕਾਲਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਫ਼ਰੀਦਕੋਟ ਵਿਖੇ 240 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਸਬ ਤਹਿਸੀਲ ਸਾਦਿਕ ਵਿਖੇ 28, ਕੋਟਕਪੂਰਾ ਵਿਖੇ 102, ਜੈਤੋ ਵਿਖੇ 155 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 43 ਸੇਵਾਵਾਂ ਪਹਿਲਾਂ ਹੀ ਲੋਕਾਂ ਦੇ ਘਰਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੇ ਸਾਰੇ ਕੰਮਕਾਜ ਨੂੰ ਵੀ ਸੁਚਾਰੂ ਕੀਤਾ ਜਾ ਰਿਹਾ ਹੈ ਤਾਂ ਕਿ ਲੋਕਾਂ ਨੂੰ ਜਾਇਦਾਦਾਂ ਸਬੰਧੀ ਕੰਮ ਵਿੱਚ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਸਕੀਮਾ/ਯੋਜਨਾਵਾਂ ਦਾ ਲਾਹਾ ਹਰ ਹੀਲੇ ਬਿਨਾਂ ਕਿਸੇ ਖਜਲ-ਖੁਆਰੀ ਦੇ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਪਾਬੰਦ ਕੀਤਾ ਗਿਆ ਹੈ।