- 13493 ਵਿਧਵਾ ਤੇ ਨਿਆਸਰਿਤ ਔਰਤਾਂ ਨੂੰ 2.02 ਕਰੋੜ ਦੀ ਦਿੱਤੀ ਗਈ ਵਿੱਤੀ ਸਹਾਇਤਾ
ਫ਼ਤਹਿਗੜ੍ਹ ਸਾਹਿਬ, 10 ਮਈ : ਜ਼ਿਲ੍ਹੇ ਦੇ 43832 ਬਜੁਰਗਾਂ ਨੂੰ ਅਪ੍ਰੈਲ-2023 ਦੀ ਪੈਨਸ਼ਨ ਵਜੋਂ 6 ਕਰੋੜ 57 ਲੱਖ 48 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਜਦੋਂ ਕਿ 13493 ਵਿਧਵਾ ਤੇ ਨਿਆਸਰਿਤ ਔਰਤਾਂ ਨੂੰ ਪੈਨਸ਼ਨ ਵਜੋਂ 2 ਕਰੋੜ 02 ਲੱਖ 39 ਹਜ਼ਾਰ 500 ਰੁਪਏ ਦਿੱਤੇ ਗਏ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਨੀਅਰ ਸਿਟੀਜਨਾਂ ਦੀ ਦੇਖ-ਭਾਲ ਲਈ ਬਣਾਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਸਪਤਾਲਾਂ ਅੰਦਰ ਆਉਣ ਵਾਲੇ ਸੀਨੀਅਰ ਸਿਟੀਜ਼ਨਾਂ ਨੂੰ ਪਹਿਲ ਦੇ ਆਧਾਰ ਤੇ ਚੈੱਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਬਹੁਤਾ ਸਮਾਂ ਲਾਇਨਾਂ ਵਿੱਚ ਲੱਗਣਾ ਨਾ ਪਵੇ। ਡਿਪਟੀ ਕਮਿਸ਼ਨਰ ਨੇ ਸਹਾਇਕ ਸਿਵਲ ਸਰਜਨ ਡਾ: ਸਵਪਨਦੀਪ ਕੌਰ ਨੂੰ ਕਿਹਾ ਕਿ ਸਰਕਾਰ ਵੱਲੋਂ ਸੀਨੀਅਰ ਸਿਟੀਜਨਾਂ ਨੂੰ ਹੈਲਥ ਅਤੇ ਮੈਡੀਕਲ ਕੇਅਰ ਲਈ ਦਿੱਤੀਆ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ ਤਾਂ ਜੋ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਬਣੇ ਓਲਡ ਏਜ ਹੋਮ ਵਿੱਚ ਲੋੜ ਅਨੁਸਾਰ ਡਾਕਟਰ ਅਤੇ ਹੋਰ ਸਟਾਫ ਦੀਆਂ ਡਿਊਟੀਆਂ ਲਗਾਈਆਂ ਜਾਣ ਤਾਂ ਜੋ ਬਜੁਰਗਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਾ ਲਾਭ ਮਿਲ ਸਕੇ। ਸ਼੍ਰੀਮਤੀ ਸ਼ੇਰਗਿੱਲ ਨੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਹੋਣ ਵਾਲੀਆਂ ਗ੍ਰਾਂਮ ਸਭਾਵਾਂ ਵਿੱਚ ਸਿਟੀਅਰ ਸਿਟੀਜ਼ਨ ਐਕਟ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਬਜੁਰਗ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋ ਸਕਣ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਵਿਖੇ 5 ਲੱਖ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਓਲਡ ਏਜ ਹੋਮ ਬਾਰੇ ਵੀ ਅਹਿਮ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ, ਓਲਡ ਏਜ ਹੋਮ ਬਸੀ ਪਠਾਣਾ ਦੇ ਪ੍ਰਧਾਨ ਸੁਨੀਲ ਰੈਣਾ, ਸ਼੍ਰੀ ਰਾਮ ਨਾਥ ਸ਼ਰਮਾ, ਅਸ਼ੋਕ ਸੂਦ, ਕੇ.ਕੇ. ਵਰਮਾ, ਦਿਲਬਾਗ ਸਿੰਘ, ਗੁਰਵਿੰਦਰ ਸਿੰਘ ਸੋਨੀ, ਮਨਮੋਹਨ ਜਰਗਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਮੇਟੀ ਮੈਂਬਰ ਹਾਜਰ ਸਨ।