ਸੰਗਰੂਰ, 13 ਅਪ੍ਰੈਲ : ਹਾੜ੍ਹੀ ਦੀ ਫ਼ਸਲ ਲਈ ਸੁਚੱਜੇ ਖਰੀਦ ਪ੍ਰਬੰਧਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੰਗਰੂਰ ਜ਼ਿਲ੍ਹੇ ’ਚ ਵੀ ਕਣਕ ਦੀ ਸਰਕਾਰੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਸੰਗਰੂਰ ਜ਼ਿਲ੍ਹੇ ’ਚ 166 ਮੰਡੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ’ਚ ਕਣਕ ਦੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮਿਤੀ 12 ਅਪ੍ਰੈਲ ਤੱਕ ਕੁੱਲ 160 ਮੰਡੀਆਂ ’ਚ ਫ਼ਸਲ ਦੀ ਆਮਦ ਹੋ ਚੁੱਕੀ ਹੈ ਜਿੱਥੇ 79,673 ਮੀਟ੍ਰਿਕ ਟਨ ਕਣਕ ’ਚੋਂ 64,066 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕੁੱਲ ਖਰੀਦੀ ਗਈ ਕਣਕ ਦੀ ਫ਼ਸਲ ’ਚੋਂ 58,683 ਮੀਟ੍ਰਿਕ ਟਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਹਨ ਜਦਕਿ 5,383 ਮੀਟ੍ਰਿਕ ਟਨ ਪ੍ਰਾਇਵੇਟ ਵਪਾਰੀਆਂ ਵੱਲੋਂ ਖਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਜਾ ਚੁੱਕੀ ਫ਼ਸਲ ’ਚੋਂ 10,829 ਮੀਟ੍ਰਿਕ ਟਨ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ। ਡੀ.ਸੀ. ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪੂਰੀ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਮੰਡੀਆਂ ’ਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਲਈ ਪੀਣ ਵਾਲੇ ਪਾਣੀ ਤੋਂ ਲੈ ਕੇ ਮੁੱਢਲੀ ਸਹਾਇਤਾ ਵਾਲੀਆਂ ਕਿੱਟਾਂ ਤੱਕ ਹਰ ਲੋੜੀਂਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਖਰੀਦ ਪ੍ਰਕਿਰਿਆ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਲੋੜੀਂਦੇ ਬਾਰਦਾਨੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਅਤੇ ਸਰਕਾਰੀ ਖਰੀਦ ਏਜੰਸੀਆਂ ਨੂੰ ਲਿਫ਼ਟਿੰਗ ਹੋਰ ਤੇਜ਼ੀ ਨਾਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।