- ਡਿਪਟੀ ਕਮਿਸ਼ਨਰ ਨੇ ਕੀਤੀ ਟਾਸਕ ਫੋਰਸ ਅਤੇ ਸਬੰਧਤ ਵਿਭਾਗਾਂ ਨਾਲ ਮੀਟਿੰਗ
- ਪੋਲੀਓ ਰੋਕੂ ਜਾਗਰੂਕਤਾ ਪੋਸਟਰ ਵੀ ਕੀਤਾ ਜਾਰੀ
ਮੋਗਾ 1 ਮਾਰਚ : 3 ਮਾਰਚ ਤੋਂ 5 ਮਾਰਚ, 2024 ਤੱਕ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 963 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਅਤੇ ਸਬੰਧਤ ਵਿਭਾਗਾਂ ਦੀ ਮੀਟਿੰਗ ਕਰਨ ਸਮੇਂ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਸਿਵਲ ਸਰਜਨ ਮੋਗਾ ਡਾ. ਰਜੇਸ਼ ਅੱਤਰੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਡਾ. ਅਸ਼ੋਕ ਸਿੰਗਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਿਤੀ 3 ਮਾਰਚ ਨੂੰ 535 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 4-5 ਮਾਰਚ ਨੂੰ ਸਿਹਤ ਵਿਭਾਗ ਦੀਆਂ 681 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 168 ਏ.ਐਨ.ਐਮ., 807 ਆਸ਼ਾ ਵਰਕਰਾਂ, 464 ਆਂਗਣਵਾੜੀ ਵਰਕਰ ਅਤੇ 594 ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਕਰਨਗੇ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਬੱਚਾ ਪੋਲੀਓ ਬੂੰਦ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਵੱਲੋਂ ਇਸ ਮੌਕੇ ਇੱਕ ਪੋਲੀਓ ਰੋਕੂ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ 'ਤੇ 21 ਟਰਾਂਜ਼ਿਟ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 88 ਸੁਪਰਵਾਈਜ਼ਰ ਲਗਾਏ ਗਏ ਹਨ। ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਵੱਖ ਵੱਖ ਵਖ ਵਿਭਗਾ ਦੇ ਨੁੰਮਾਇਦੇ, ਹਰਜੀਤ ਸਿੰਘ ਵਿਸ਼ਵ ਸਿਹਤ ਸੰਗਠਨ ਅਤੇ ਅਮ੍ਰਿਤ ਸ਼ਰਮਾ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਵੀ ਹਾਜ਼ਰ ਸਨ। ਇਸ ਮੌਕੇ ਪੋਲੀਓ ਰੋਕੂ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ।