- ਸੁਚੱਜੇ ਪ੍ਰਬੰਧਾਂ ਸਦਕਾ ਖ੍ਰੀਦ ਕੀਤੇ ਝੋਨੇ ਦੀ 78 ਫੀਸਦੀ ਲਿਫ਼ਟਿੰਗ ਮੁਕੰਮਲ-ਡਿਪਟੀ ਕਮਿਸ਼ਨਰ
- ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ
ਮੋਗਾ, 22 ਨਵੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1275426 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 1261658 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਭਾਵ ਮੰਡੀਆਂ ਵਿੱਚ ਪਹੁੰਚੇ ਝੋਨੇ ਵਿੱਚੋਂ 99 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ।ਖਰੀਦ ਕੀਤੇ ਗਏ ਝੋਨੇ ਵਿੱਚੋਂ 78 ਫੀਸਦੀ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ। ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 558644 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 329396 ਮੀਟ੍ਰਿਕ ਟਨ, ਪਨਸਪ ਵੱਲੋਂ 236459 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 137086 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 73 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ।