ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਗਰ ਤਰੀਕੇ ਨਾਲ ਕੰਮ ਕਰੋ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ  

  • ਡਿਪਟੀ ਕਮਿਸ਼ਨਰ ਦੀ ਕਲੱਸਟਰ ਅਫ਼ਸਰਾਂ, ਨੋਡਲ ਅਧਿਕਾਰੀਆਂ ਅਤੇ ਐੱਸ ਐੱਚ ਓਜ਼ ਨੂੰ ਦੋ ਟੁੱਕ
  • ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਲੱਸਟਰ ਅਫ਼ਸਰਾਂ  ਨਾਲ ਹੰਗਾਮੀ ਮੀਟਿੰਗ
  • ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇਗੀ
  • ਸਿਵਲ ਅਤੇ ਪੁਲਿਸ ਅਫ਼ਸਰਾਂ ਨੂੰ ਜ਼ਿਆਦਾ ਸਮਾਂ ਫੀਲਡ ਵਿੱਚ ਰਹਿਣ ਦੇ ਆਦੇਸ਼
  • ਕਿਸਾਨਾਂ, ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਸਹਿਯੋਗ ਦੀ ਅਪੀਲ

ਮੋਗਾ, 28 ਅਕਤੂਬਰ 2024 : ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਸਖ਼ਤੀ ਨਾਲ ਰੋਕਣ ਦੀ ਨੀਤੀ ਉੱਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਮੂਹ ਕਲੱਸਟਰ ਅਫ਼ਸਰਾਂ, ਨੋਡਲ ਅਧਿਕਾਰੀਆਂ ਅਤੇ ਐੱਸ ਐੱਚ ਓਜ਼ ਨੂੰ ਸਪੱਸ਼ਟ ਕੀਤਾ ਹੈ ਕਿ ਜਾਂ ਤਾਂ ਉਹ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਗਰ ਤਰੀਕੇ ਨਾਲ ਕੰਮ ਕਰਨ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹਿਣ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕਲੱਸਟਰ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਹਨਾਂ ਕਲੱਸਟਰ ਅਫ਼ਸਰਾਂ ਨੂੰ ਕਿਹਾ ਕਿ ਜੇਕਰ ਉਹਨਾਂ ਅਧੀਨ ਨੋਡਲ ਅਫ਼ਸਰ ਕੰਮ ਕਰਨ ਤੋਂ ਆਨਾਕਾਨੀ ਕਰਦੇ ਹਨ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਉਣ। ਉਹਨਾਂ ਨੇ ਕੰਮ ਨਾ ਕਰਨ ਵਾਲੇ ਕੁਝ ਨੋਡਲ ਅਫਸਰਾਂ ਅਤੇ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ। ਉਹਨਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਉੱਤੇ ਮਾਨਯੋਗ ਸੁਪਰੀਮ ਕੋਰਟ ਅਤੇ ਵਾਤਾਵਰਨ ਪਲੀਤ ਹੋਣ ਤੋਂ ਰੋਕਣ ਵਿੱਚ ਲੱਗੀਆਂ ਕੇਂਦਰੀ ਏਜੰਸੀਆਂ ਵੱਲੋਂ ਸਿੱਧੀ ਨਜ਼ਰ ਰੱਖੀ ਜਾ ਰਹੀ ਹੈ। ਇਹ ਸਾਰਾ ਵਰਤਾਰਾ ਸੈਟੇਲਾਈਟ ਰਾਹੀਂ ਮੌਨੀਟਰ ਕੀਤਾ ਜਾ ਰਿਹਾ ਹੈ। ਉਹਨਾਂ ਪ੍ਰਸ਼ਾ਼ਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ ਅਤੇ ਸਮਾਂ ਆਉਣ ਉੱਤੇ ਨਾਜ਼ੁਕ ਥਾਵਾਂ ਤੇ ਸਾਂਝੇ ਤੌਰ ਤੇ ਗਸ਼ਤ ਕੀਤੀ ਜਾਵੇ। ਸਾਰੇ ਐਸ.ਐਚ.ਓਜ਼ ਵੱਲੋਂ ਪੁਲਿਸ ਸਟੇਸ਼ਨਾਂ ਤੋਂ ਬਾਹਰ ਆ ਕੇ ਫੀਲਡ ਵਿੱਚ ਸਖਤ ਚੌਕਸੀ ਵਰਤੀ ਜਾਵੇ। ਉਹਨਾਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਕੋਈ ਵੀ ਕਿਸਾਨ ਖੇਤ ਵਿੱਚ ਅੱਗ ਲਗਾਉਂਦਾ ਹੈ ਤਾਂ ਕਿਸਾਨ ਨੂੰ ਜ਼ੁਰਮਾਨਾ ਅਤੇ ਸਜ਼ਾ ਦੇਣ ਦੇ ਨਾਲ ਨਾਲ ਸਬੰਧਤ ਅਧਿਕਾਰੀਆਂ ਅਤੇ ਐਸ ਐਚ ਓ ਨੂੰ ਵੀ ਗੰਭੀਰ ਨਤੀਜੇ ਭੁਗਤਣੇ ਪੈਣਗੇ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਲੱਸਟਰ ਅਫ਼ਸਰਾਂ ਵਲੋਂ ਅਜਿਹੇ ਪਿੰਡਾਂ ਵਿੱਚ ਪੁਲਿਸ ਕਰਮੀਆਂ ਦੀ ਹਾਜ਼ਰੀ ਵਿੱਚ ਦੌਰੇ ਕਰਨੇ ਚਾਹੀਦੇ ਹਨ ਅਤੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਸੁਨੇਹਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੇ ਤੌਰ ਤੇ ਗਸ਼ਤ ਲੋਕਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਅਸਰਦਾਰ ਢੰਗ ਨਾਲ ਰੋਕੇਗੀ। ਉਨ੍ਹਾਂ ਸਪਸ਼ਟ ਕਿਹਾ ਕਿ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸ਼ਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਜਾਣ । ਇਸ ਤੋਂ ਇਲਾਵਾ ਗੁਰਦੁਆਰਿਆਂ, ਮੰਦਿਰਾਂ ਤੇ ਹੋਰ ਧਾਰਮਿਕ ਸਥਾਨਾਂ ਤੋਂ ਪਰਾਲੀ ਨਾ ਸਾੜਨ ਸਬੰਧੀ ਅਨਾਊਂਮੈਂਟ ਵੀ ਕਰਵਾਈ ਜਾਵੇ। ਜੇਕਰ ਕੋਈ ਜਾਗਰੂਕਤਾ ਫੈਲਾਉਣ ਵਿੱਚ ਅੜਿੱਕਾ ਲਾਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਵਿੱਚ ਮਦਦਗਾਰ ਸਾਬਿਤ ਹੋਵੇਗਾ। ਉਹਨਾਂ ਦੱਸਿਆ ਕਿ ਪਰਾਲੀ ਦੇ ਉਚਿਤ ਪ੍ਰਬੰਧਨ ਲਈ ਜ਼ਿਲ੍ਹਾ ਮੋਗਾ ਵਿੱਚ ਮਸ਼ੀਨਰੀ ਦੀ ਕੋਈ ਵੀ ਕਮੀ ਨਹੀਂ ਹੈ। ਕਿਸਾਨਾਂ ਨੂੰ ਇਸਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਦੀ ਲੋੜ ਹੈ। ਇਸ ਮੌਕੇ ਹਾਜ਼ਰ ਐਸ.ਪੀ. ਸ਼੍ਰੀ ਸੰਦੀਪ ਵਢੇਰਾ ਨੂੰ ਕਿਹਾ ਗਿਆ ਕਿ ਐਸ.ਐਚ.ਓਜ਼ ਨੂੰ ਆਦੇਸ਼ ਦਿੱਤੇ ਜਾਣ ਕਿ ਅਗਲੇ ਸਮੇਂ ਦੌਰਾਨ ਆਪਣੇ-ਆਪਣੇ ਖੇਤਰਾਂ ਵਿੱਚ ਰਹਿ ਕੇ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਪਰਾਲੀ ਨੂੰ ਅੱਗ ਨਾ ਲਗਾ ਸਕੇ। ਉਨ੍ਹਾਂ ਕਿਹਾ ਕਿ ਮਾਨਯੋਗ ਉੱਚ ਅਦਾਲਤ ਦੇ ਆਦੇਸ਼ਾਂ ਅਨੁਸਾਰ ਸਬੰਧਿਤ ਐਸ.ਐਚ.ਓਜ਼ ਆਪਣੇ-ਆਪਣੇ ਖੇਤਰਾਂ ਵਿੱਚ ਪਰਾਲੀ ਨੂੰ ਅੱਗ ਦੀ ਘਟਨਾ ਲਈ ਜਿੰਮੇਵਾਰ ਹੋਣਗੇ ਅਤੇ ਉਨ੍ਹਾਂ ਨੂੰ ਅੱਗ ਲੱਗਣ ਦੇ ਕੇਸਾਂ ਨੂੰ ਰੋਕਣ ਨੂੰ ਤਰਜੀਹ ਦੇਣੀ ਚਾਹੀਦੀ ਹੈ।