- ਅਧਿਕਾਰੀ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਲਈ ਲਗਾਤਾਰ ਪ੍ਰੇਰਿਤ ਕਰਨ-ਵਧੀਕ ਡਿਪਟੀ ਕਮਿਸ਼ਨਰ
ਮਾਨਸਾ, 10 ਨਵੰਬਰ : ਨੋਡਲ ਅਫ਼ਸਰ, ਕਲੱਸਟਰ ਇੰਚਾਰਜ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰ ਕੇ ਪਰਾਲੀ ਪ੍ਰਬੰਧਨ ਕਰਨ ਲਈ ਲਗਾਤਾਰ ਪ੍ਰੇਰਿਤ ਕਰਨ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਨਾ ਆਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਵਿੰਦਰ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਅਧਿਕਾਰੀਆਂ ਪਾਸੋਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ’ਚ ਹੋ ਰਹੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਲਈ ਅਤੇ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਪਿੰਡਾਂ ਵਿਚ ਕਿਸਾਨਾਂ ਨਾਲ ਰਾਬਤਾ ਬਣਾ ਕੇ ਜਾਗਰੂਕ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਨੋਡਲ ਅਫ਼ਸਰ, ਕਲੱਸਟਰ ਇੰਚਾਰਜ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਆਪਸੀ ਤਾਲਮੇਲ ਨਾਲ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਧੂੰਏ ਨਾਲ ਸਿਹਤ ਅਤੇ ਵਾਤਾਵਰਣ ’ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਸੁਚੇਤ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਕਿਸਮ ਦੀ ਅਣਗਹਿਲੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਉਨ੍ਹਾਂ ਪਿੰਡਾਂ ਵਿਚ ਪਰਾਲੀ ਦੀ ਅੱਗ ਨੂੰ ਬੁਝਾਉਣ ਵਾਲੇ ਅਤੇ ਇਸ ਕਾਰਜ ਨੂੰ ਆਪਣਾ ਫਰਜ਼ ਸਮਝ ਕੇ ਵਧੀਆ ਢੰਗ ਨਾਲ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਦੀ ਸ਼ਲਾਘਾ ਵੀ ਕੀਤੀ।