- ਤੇਜ ਰਫਤਾਰ ਵਾਹਨ ਚਲਾਉਣ ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਪ੍ਰਤੀ ਸੁਚੇਤ ਹੋਣ ਲੋਕ
- ਸੜਕ ਸੁਰੱਖਿਆ ਮਹੀਨੇ ਸਬੰਧੀ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ
ਫ਼ਤਹਿਗੜ੍ਹ ਸਾਹਿਬ, 15 ਫਰਵਰੀ : ਰੋਜ਼ਾਨਾਂ ਹੁੰਦੇ ਸੜਕੀ ਹਾਦਸਿਆਂ ਨੂੰ ਠੱਲ ਪਾਉਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ ਕਿਉਂਕਿ ਵਧੇਰੇ ਸੜਕੀ ਹਾਦਸੇ ਇਸ ਲਈ ਹੀ ਵਾਪਰਦੇ ਹਨ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕਰਦੇ। ਇਸ ਲਈ ਇਹ ਜਰੂਰੀ ਹੈ ਕਿ ਵਾਹਨ ਚਲਾਉਂਦੇ ਸਮੇਂ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਸੜਕੀ ਹਾਦਸਿਆਂ ਵਿੱਚ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੰਜਾਬ ਸਰਕਾਰ ਵੱਲੋਂ 14 ਫਰਵਰੀ ਤੱਕ ਮਨਾਏ ਗਏ ਸੜਕ ਸੁਰੱਖਿਆ ਮਹੀਨੇ ਸਬੰਧੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਸੁਚੇਤ ਹੋਣਾ ਚਾਹੀਦਾ ਹੈ ਅਤੇ ਤੈਅ ਕੀਤੀ ਗਈ ਰਫਤਾਰ ਤੋਂ ਵੱਧ ਰਫਤਾਰ ਵਿੱਚ ਵਾਹਨ ਨਹੀਂ ਚਲਾਉਣੇ ਚਾਹੀਦੇ ਕਿਉਂਕਿ ਵੱਧ ਰਫਤਾਰ ਵਿੱਚ ਵਾਹਨ ਚਲਾਉਣ ਕਾਰਨ ਵੀ ਅਕਸਰ ਹਾਦਸੇ ਵਾਪਰ ਜਾਂਦੇ ਹਨ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਕਿਹਾ ਕਿ ਸਰਕਾਰ ਵੱਲੋਂ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਵਾਸਤੇ ਤਾਇਨਾਤ ਕੀਤੀ ਗਈ ਸੜਕ ਸੁਰੱਖਿਆ ਫੋਰਸ ਵੱਲੋਂ ਵੀ ਦੁਰਘਟਨਾਵਾਂ ਵਿੱਚ ਜਖ਼ਮੀ ਹੋਏ ਵਿਅਕਤੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਉਣ ਲਈ ਸ਼ਲਾਘਾਯੋਗ ਸੇਵਾਵਾਂ ਨਿਭਾਈਆ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਆਪਣੇ ਛੋਟੇ ਬੱਚਿਆਂ ਨੂੰ ਕਿਸੇ ਵੀ ਕਿਸਮ ਦਾ ਵਾਹਨ ਚਲਾਉਣ ਦੀ ਆਗਿਆ ਨਾ ਦਿੱਤੀ ਜਾਵੇ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾਵੇ ਤਾਂ ਜੋ ਅਨਮੋਲ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ। ਸੜਕ ਸੁਰੱਖਿਆ ਮਹੀਨੇ ਸਬੰਧੀ ਰੀਜ਼ਨਲ ਟਰਾਂਸਪੋਰਟ ਅਫਸਰ ਸ਼੍ਰੀ ਨਮਨ ਮੜਕਣ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਸਬੰਧੀ ਵੱਖ-ਵੱਖ ਥਾਵਾਂ ਤੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਵਾਹਨਾਂ ਉਪਰ ਰਿਫਲੈਕਟਿੰਗ ਟੇਪਾਂ ਲਗਾਈਆਂ ਗਈਆਂ ਤਾਂ ਜੋ ਰਾਤ ਸਮੇਂ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਮਹੱਦੀਆਂ ਵਿਖੇ ਸਥਿਤ ਆਟੋ ਮੇਟਿਵ ਡਰਾਇਵਿੰਗ ਟਰੇਨਿੰਗ ਸੈਂਟਰ ਵਿਖੇ ਦਿਹਾਤੀ ਮੈਡੀਕਲ ਅਫਸਰ ਦੀ ਸਹਾਇਤਾ ਨਾਲ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੰਚ ਜ਼ਿਲ੍ਹੇ ਦੀਆਂ ਟਰਾਂਸਪੋਰਟਰ ਤੇ ਟਰੱਕ ਯੂਨੀਅਨਾਂ ਦੇ 47 ਡਰਾਈਵਰਾਂ ਦੀਆਂ ਅੱਖਾਂ ਦਾ ਚੈੱਕ-ਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੜਕ ਸੁਰੱਖਿਆ ਸਬੰਧੀ ਸਾਹਿਤ ਵੀ ਵੰਡਿਆ ਗਿਆ ਤੇ ਯੂਨੀਅਨਾਂ ਵਿੱਚ ਪੋਸਟਰ ਵੀ ਲਗਾਏ ਗਏ।