- ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਖੇਤੀ ਸਮੱਗਰੀ ਵਿਕ੍ਰਾਤਾਵਾਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ 29 ਫਰਵਰੀ : ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਸਥਾਨਕ ਆਤਮਾ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ ਗਈ ਹੈ, ਜਿਸ ਵਿੱਚ ਬਲਾਕ ਫਰੀਦਕੋਟ ਦੇ ਸਮੂਹ ਖੇਤੀ ਸਮੱਗਰੀ ਵਿਕਰੇਤਾ ਸ਼ਾਮਿਲ ਹੋਏ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਮੌਜੂਦ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਜ਼ਿਲਾ ਫਰੀਦਕੋਟ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਮੁੱਢਲੀ ਜਿੰਮੇਵਾਰੀ ਹੈ ਤਾਂ ਜੋ ਫਸਲਾਂ ਦੇ ਉਤਪਾਦਨ ਵਿੱਚ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਖੇਤੀ ਸਮੱਗਰੀ ਵਿਕ੍ਰੇਤਾ,ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ਵਿੱਚ ਅਹਿਮ ਕੜੀ ਦਾ ਕੰਮ ਕਰਦੇ ਹਨ ਅਤੇ ਹਰੇਕ ਡੀਲਰ ਨੂੰ ਖੇਤੀ ਤਕਨੀਕਾਂ ਦੀ ਜਾਣਕਾਰੀ ਪੱਖੋਂ ਮਜ਼ਬੂਤ ਹੋਣਾ ਚਾਹੀਦਾ ਹੈ।