- ਡਿਪਟੀ ਕਮਿਸ਼ਨਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ
ਫ਼ਤਹਿਗੜ੍ਹ ਸਾਹਿਬ, 02 ਫਰਵਰੀ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਾਉਣ ਸਬੰਧੀ ਹੋਏ ਨਵੇਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਵਲ ਸਰਜਨ ਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਅਧੀਨ ਆਉਂਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਹਸਪਤਾਲਾਂ ਅੰਦਰੋਂ ਲੋਕਾਂ ਨੂੰ ਦਵਾਈਆਂ ਉਪਲਬਧ ਕਰਵਾਉਣ ਸਬੰਧੀ ਦਿੱਤੇ ਆਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਵਾਸਤੇ ਲੋੜੀਂਦੇ ਸਾਜੋ-ਸਮਾਨ ਅਤੇ ਦਵਾਈਆਂ ਆਦਿ ਦੀ ਉਪਲੱਬਧਤਾ ਸਬੰਧੀ ਫੀਡਬੈਕ ਦੇਣ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਅਧਿਕਾਰੀਆਂ ਕਰਮਚਾਰੀਆਂ ਵੱਲੋਂ ਆਪੋ ਆਪਣੀ ਡਿਊਟੀ ਇਮਾਨਦਾਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਹਸਪਤਾਲਾਂ ਅੰਦਰ ਇਲਾਜ ਲਈ ਆਉਣ ਵਾਲੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਮੂਹ ਐਸ.ਐਮ.ਓਜ਼ ਇਹ ਵੀ ਯਕੀਨੀ ਬਣਾਉਣ ਕਿ ਕੋਈ ਵੀ ਡਾਕਟਰ ਮਰੀਜਾਂ ਨੂੰ ਬਾਹਰ ਦੀਆਂ ਦਵਾਈਆਂ ਨਾ ਲਿਖੇ ਅਤੇ ਮਰੀਜਾਂ ਨੂੰ ਹਸਪਤਾਲ ਅੰਦਰੋਂ ਹੀ ਦਵਾਈਆਂ ਦਿੱਤੀਆਂ ਜਾਣ। ਉਨ੍ਹਾਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੂੰ ਕਿਹਾ ਕਿ ਜਿਲੇ ਅੰਦਰ ਸਿਹਤ ਸੇਵਾਵਾਂ ਦੇਣ ਸਬੰਧੀ ਜੇਕਰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਉਣ। ਉਹਨਾਂ ਇਹ ਵੀ ਕਿਹਾ ਕਿ ਲਾਜਮੀ ਦਵਾਈਆਂ ਦੀ ਸੂਚੀ ਤੋਂ ਇਲਾਵਾ ਜੇਕਰ ਹੋਰ ਦਵਾਈਆਂ ਦੀ ਜਰੂਰਤ ਪੈਂਦੀ ਹੈ ਤਾਂ ਉਹ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਖਰੀਦ ਕੇ ਮਰੀਜ਼ਾਂ ਨੂੰ ਉਪਲਬਧ ਕਰਵਾਉਣੀਆਂ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਇਹ ਵੀ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਦੇ ਬੈਠਣ ਲਈ ਯੋਗ ਜਗ੍ਹਾ, ਪੀਣ ਲਈ ਸਾਫ ਸੁਥਰਾ ਪਾਣੀ ਅਤੇ ਕਲੀਨਿਕਾਂ ਦੇ ਆਲੇ ਦੁਆਲੇ ਦੀ ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਕਮਿਸ਼ਨਰ ਹਾਜਰ ਸਨ।