- ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ
ਮੋਗਾ, 17 ਨਵੰਬਰ : ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ 95ਵੀਂ ਸ਼ਹਾਦਤ ਨੂੰ ਸਮਰਪਿਤ ਸਮਾਗਮ ਅੱਜ ਉਨ੍ਹਾਂ ਦੇ ਜਨਮ ਸਥਾਨ ਪਿੰਡ ਢੁੱਡੀਕੇ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿੱਚ ਟਰਾਂਸਪੋਰਟ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ 'ਤੇ ਬਹੁਤ ਮਾਣ ਹੈ ਕਿ ਆਜ਼ਾਦੀ ਲਈ ਸਾਰੇ ਸੰਘਰਸ਼ ਪੰਜਾਬ ਦੀ ਧਰਤੀ ਤੋਂ ਸ਼ੁਰੂ ਹੋਏ ਸਨ। ਲਾਲਾ ਲਾਜਪਤ ਰਾਏ ਵਰਗੇ ਆਜ਼ਾਦੀ ਘੁਲਾਟੀਆਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਆਜ਼ਾਦੀ ਦੀ ਲੜਾਈ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਜੋ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਅਸੀਂ ਇਸ ਤੋਂ ਸਿੱਖਦੇ ਹਾਂ ਕਿ ਸਾਨੂੰ ਆਪਣੇ ਦੇਸ਼ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸਮੂਹ ਹਾਜ਼ਰੀਨ ਨੇ ਲਾਲਾ ਲਾਜਪਤ ਰਾਏ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ | ਇਸ ਮੌਕੇ ਉਨ੍ਹਾਂ ਇਸ ਪਿੰਡ ਨਾਲ ਸਬੰਧਤ ਮਹਾਨ ਸ਼ਹੀਦਾਂ ਨਾਲ ਸਬੰਧਤ ਲਾਇਬ੍ਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਦਾ ਵੀ ਦੌਰਾ ਕੀਤਾ। ਲਾਲਾ ਲਾਜਪਤ ਰਾਏ ਜਨਮ ਸਥਾਨ ਯਾਦਗਾਰ ਕਮੇਟੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸ੍ਰੀ ਭੁੱਲਰ ਨੇ ਪਿੰਡ ਢੁੱਡੀਕੇ ਦੇ ਵਿਕਾਸ ਲਈ ਆਪਣੇ ਅਖਤਿਆਰੀ ਖਾਤੇ ਵਿੱਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸ੍ਰੀ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਐਸ.ਡੀ.ਐਮ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਸ੍ਰੀ ਦੀਪਕ ਅਰੋੜਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੋਗਾ, ਸ੍ਰੀ ਨਵਜੋਤ ਸਿੰਘ ਜਰਗ ਚੇਅਰਮੈਨ ਅਤੇ ਹੋਰ ਵੀ ਹਾਜ਼ਰ ਸਨ।