- ਮੈਰਿਟ ਹਾਸਲ ਕਰਨ ਵਾਲੇ 5 ਹੋਣਹਾਰ ਵਿਦਿਆਰਥੀਆਂ ਨੂੰ 5100-5100 ਰੁਪਏ ਦੇ ਨਗਦ ਪੁਰਸਕਾਰ ਦਿੱਤੇ
- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ’ਚ ਵਿਸ਼ਵ ਪੱਧਰੀ ਵਿਦਿਅਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਅਮਨ ਅਰੋੜਾ
ਸੁਨਾਮ, 30 ਮਈ : ਵਿਧਾਨ ਸਭਾ ਹਲਕਾ ਸੁਨਾਮ ਵਿੱਚ ਇੱਕ ਹੋਰ ਨਿਵੇਕਲੀ ਪਿਰਤ ਪਾਉਂਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ ਸਰਕਾਰੀ ਸਕੂਲਾਂ ਦੇ ਬੋਰਡ ਪ੍ਰੀਖਿਆਵਾਂ ਵਿੱਚ ਮੈਰਿਟ ਹਾਸਲ ਕਰਨ ਵਾਲੇ ਪੰਜ ਹੋਣਹਾਰ ਵਿਦਿਆਰਥੀਆਂ ਸਮੇਤ ਪੰਜਵੀਂ, ਅੱਠਵੀਂ, ਦਸਵੀਂ ਅਤੇ ਸੀਨੀਅਰ ਸੈਕੰਡਰੀ ਪੱਧਰ ਦੀਆਂ ਪ੍ਰੀਖਿਆ ਵਿੱਚ ਸਕੂਲ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲੇ 300 ਦੇ ਕਰੀਬ ਵਿਦਿਆਰਥੀਆਂ ਦਾ ਸਨਮਾਨ ਕੀਤਾ। ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਆਡੀਟੋਰੀਅਮ ਵਿਖੇ ਵਿਦਿਆਰਥੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜਤਾ ਨਾਲ ਮੈਰਿਟ ਵਿੱਚ ਨਾਮ ਦਰਜ ਕਰਵਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਿਸ ਤੋਂ ਹੋਰਨਾਂ ਨੂੰ ਵੀ ਸੇਧ ਲੈਣ ਦੀ ਲੋੜ ਹੈ। ਜਿਕਰਯੋਗ ਹੈ ਕਿ ਪਹਿਲੀ ਵਾਰ ਏਨੀ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ ਹੈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰ ਦੀਆਂ ਵਿਦਿਅਕ ਸੁਵਿਧਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਸਾਰਥਕ ਕਦਮ ਪੁੱਟ ਰਹੀ ਹੈ ਅਤੇ ਸਾਡੀ ਸਰਕਾਰ ਇਸ ਟੀਚੇ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਸਕੂਲ ਹਰ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਾਬਤ ਹੋਣ। ਉਨ੍ਹਾਂ ਕਿਹਾ ਕਿ ਇਹ ਤੱਥ ਸਾਹਮਣੇ ਆ ਚੁੱਕੇ ਹਨ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਤੀਸ਼ਤਤਾ ਵਿੱਚ ਇਸ ਸਾਲ ਕਾਫ਼ੀ ਵਾਧਾ ਹੋਇਆ ਹੈ। ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੈਰਿਟ ਵਿੱਚ ਆਏ 5 ਹੋਣਹਾਰ ਵਿਦਿਆਰਥੀਆਂ ਨੂੰ 5100-5100 ਰੁਪਏ ਦੀ ਨਕਦ ਰਾਸ਼ੀ, ਯਾਦਗਾਰੀ ਚਿੰਨ੍ਹ ਤੇ ਮੈਰਿਟ ਸਰਟੀਫਿਕੇਟ ਪ੍ਰਦਾਨ ਕਰਨ ਦੇ ਨਾਲ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਵਿੱਚ ਪਹਿਲੀ ਪੁਜੀਸ਼ਨ ’ਤੇ ਆਏ ਵਿਦਿਆਰਥੀਆਂ ਨੂੰ ਹੌਂਸਲਾ ਅਫਜਾਈ ਵਜੋਂ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਖੁਸ਼ੀ ਗੁਪਤਾ ਅਤੇ ਮਲਕੀਤ ਕੌਰ ਨੇ ਅੱਠਵੀਂ, ਨਿਮਨਦੀਪ ਕੌਰ ਤੇ ਲਵਲੀਸ਼ ਨੇ ਦਸਵੀਂ ਅਤੇ ਸਿਮਰਜੀਤ ਕੌਰ ਨੇ ਬਾਰਵੀਂ ਵਿੱਚੋ ਮੈਰਿਟ ਵਿਚ ਆਉਣ ਦਾ ਮਾਣ ਪ੍ਰਾਪਤ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉਸਾਰੂ ਵਿਦਿਅਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਬਹੁ ਪੱਖੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਇਨ੍ਹਾਂ ਅਣਤਰਾਸ਼ੇ ਹੀਰਿਆਂ ਨੂੰ ਤਰਾਸ਼ ਕੇ ਭਵਿੱਖ ਵਿੱਚ ਸੁਨਹਿਰੀ ਸੁਫਨਿਆਂ ਨੂੰ ਸਾਕਾਰ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਹੋਣਹਾਰ ਬੱਚਿਆਂ ਨਾਲ ਯਾਦਗਾਰੀ ਤਸਵੀਰਾਂ ਖਿਚਵਾਉਂਦਿਆਂ ਕਿਹਾ ਕਿ ਜਿੰਦਗੀ ਵਿੱਚ ਸੁਨਹਿਰੀ ਮੌਕਿਆਂ ਦਾ ਵੱਡਾ ਆਸਮਾਨ ਹੈ ਅਤੇ ਵਿਦਿਆਰਥੀ ਲਗਾਤਾਰ ਮਿਹਨਤ ਦੇ ਰਾਹ ’ਤੇ ਤੁਰਦੇ ਹੋਏ ਇਨ੍ਹਾਂ ਮੌਕਿਆਂ ਨੂੰ ਸਫ਼ਲਤਾ ਦੇ ਰੂਪ ਵਿੱਚ ਤਬਦੀਲ ਕਰਨ ਦੇ ਸਮਰੱਥ ਬਣ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਨੇ ਸਵਾਗਤੀ ਸ਼ਬਦ ਸਾਂਝੇ ਕੀਤੇ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ।