- ਪੋਸ਼ਣ ਅਭਿਆਨ ਨੂੰ ਪਾਰਦਰਸ਼ਤਾ ਨਾਲ ਲਾਗੂ ਕਰਨਾ ਮੁੱਖ ਮਕਸਦ: ਡਾ. ਬਲਜੀਤ ਕੌਰ
ਫਾਜਿਲਕਾ, 2 ਜੂਨ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹਰੇਕ ਆਂਗਣਵਾੜੀ ਕੇਂਦਰ ਨੂੰ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਮੋਬਾਈਲ ਡੇਟਾ ਪੈਕੇਜ ਦੀ ਸਹੂਲਤ ਲਾਗੂ ਕੀਤੀ ਗਈ ਹੈ। ਸੂਬੇ ਵਿੱਚ ਕੁੱਲ ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਦੀ ਗਿਣਤੀ 27,314 ਹੈ। ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਇਨ੍ਹਾਂ ਆਂਗਣਵਾੜੀ ਕੇਦਰਾਂ ਨੂੰ ਹਰ ਸਾਲ 5,46,28000 ਦਾ ਡੇਟਾ ਪੈਕੇਜ ਦਿੱਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੋਸ਼ਣ ਅਭਿਆਨ ਦੇ ਰਿਕਾਰਡ ਵਾਸਤੇ ਪਿਛਲੇ ਸਮੇਂ ‘ਪੋਸ਼ਣ ਟਰੈਕਰ’ ਮੋਬਾਈਲ ਐਪ ਜਾਰੀ ਕੀਤੀ ਸੀ, ਜਿਸ ਨੂੰ ਚਲਾਉਣ ਵਾਸਤੇ ਆਂਗਣਵਾੜੀ ਵਰਕਰਾਂ ਨੂੰ ਮੋਬਾਈਲ ਡੇਟਾ ਪੈਕੇਜ ਲੋੜੀਂਦਾ ਸੀ। ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਹਰੇਕ ਆਂਗਣਵਾੜੀ ਕੇਂਦਰ ਲਈ ਪ੍ਰਤੀ ਸਾਲ 2 ਹਜ਼ਾਰ ਰੁਪਏ ਦੇ ਡੇਟਾ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਅਭਿਆਨ ਨੂੰ ਜ਼ਮੀਨੀ ਪੱਧਰ ’ਤੇ ਪਾਰਦਰਸ਼ਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਨੂੰ ਹੁਲਾਰਾ ਦਿੱਤਾ ਜਾ ਰਿਹਾ ਹੈ ਤਾਂ ਜੋ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਇਸ ਐਪ ’ਤੇ ਅਪਲੋਡ ਕਰ ਸਕਣ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਹੈਲਪਰਾਂ ਦੀ ਇਸ ਖੇਤਰ ਵਿੱਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਕ੍ਰਮਵਾਰ 500 ਰੁਪਏ ਅਤੇ 250 ਰੁਪਏ ਦੀ ਪ੍ਰੋਤਸਾਹਨ ਰਾਸ਼ੀ ਨਾਲ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾਵੇਗਾ। ਜ਼ਿਲ੍ਹਾ ਪੋਗਰਾਮ ਅਫਸਰ ਮੈਡਮ ਹਰਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ 866 ਮਨਜ਼ੂਰਸ਼ੁਦਾ ਆਂਗਣਵਾੜੀ ਸੈਂਟਰਾਂ ਨੂੰ ਹਰੇਕ ਸਾਲ ਪ੍ਰਤੀ ਸੈਂਟਰ 2000 ਰੁਪਏ ਦੇ ਹਿਸਾਬ ਨਾਲ ਡੇਟਾ ਪੈਕੇਜ ਦਿੱਤਾ ਜਾਵੇਗਾ ਤੇ ਡੇਟਾ ਪੈਕੇਜ ਆਂਗਣਵਾੜੀ ਵਰਕਰਾਂ ਨੂੰ ਮਿਲਣ ਨਾਲ ਇਸ ਅਭਿਆਨ ਨੂੰ ਹੋਰ ਬਿਹਤਰ ਤਰੀਕੇ ਨਾਲ ਲਾਗੂ ਕਰਨ ਵਿੱਚ ਮਦਦ ਮਿਲੇਗੀ। । ਉਨ੍ਹਾਂ ਦੱਸਿਆ ਕਿ ਡੇਟਾ ਪੈਕੇਜ ਮਿਲਣ ਨਾਲ ‘ਪੋਸ਼ਣ ਟਰੈਕਰ’ ਮੋਬਾਈਲ ਐਪ ਤੇ ਆਂਗਣਵਾੜੀ ਵਰਕਰ ਅਤੇ ਹੈਲਪਰ ਪੋਸ਼ਣ ਸਬੰਧੀ ਸਾਰਾ ਰਿਕਾਰਡ ਅਪਲੋਡ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਉਹ ਕੁਪੋਸ਼ਣ ਦਾ ਸ਼ਿਕਾਰ ਨਾ ਹੋਣ।