ਸੰਗਰੂਰ, 30 ਅਪ੍ਰੈਲ : ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਕਮੇਟੀ ਮੈਂਬਰ ਗੁਰਚਰਨ ਸਿੰਘ ਘਰਾਚੋਂ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿੰਡ ਅਕਬਰਪੁਰ ਦੇ ਐਸੀ ਭਾਈਚਾਰੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ ਵਿੱਚ ਸਾਂਝੀ ਖੇਤੀ ਕੀਤੀ ਜਾ ਰਹੀ ਹੈ ਪ੍ਰੰਤੂ ਇਸ ਸਾਲ ਖਰਾਬ ਮੌਸਮ ਕਾਰਨ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਦਲਿਤ ਭਾਈਚਾਰਾ ਜ਼ਮੀਨ ਦਾ ਮਹਿੰਗਾ ਠੇਕਾ ਭਰਨ ਤੋਂ ਅਸਮਰੱਥ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਰੇਟ ਵਿੱਚ ਵਾਧੇ ਦੀ ਸ਼ਰਤ ਕਾਰਨ ਐਸੀ ਭਾਈਚਾਰੇ ਦੇ ਲੋਕਾਂ ਵੱਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਘੱਟ ਰੇਟ ਤੇ ਜ਼ਮੀਨ ਲੈਣ ਲਈ ਸੰਘਰਸ਼ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਅਮਰੀਕ ਸਿੰਘ ਅਕਬਰਪੁਰ ਅਤੇ ਲਾਲ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਭਾਈਚਾਰੇ ਵੱਲੋਂ ਪਿਛਲੇ ਦਿਨੀ ਤੀਜੇ ਹਿੱਸੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਘੱਟ ਰੇਟ ਦੀ ਮੰਗ ਨੂੰ ਲੈ ਕੇ ਰੱਦ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਰੇਟਾਂ ਵਿੱਚ ਕੀਤੇ ਜਾਣ ਵਾਲੇ ਖਿਲਾਫ, ਨਜੂਲ ਜਮੀਨਾਂ ਦੇ ਮਾਲਕੀ ਹੱਕ ਲੈਣ ਅਤੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਪਲਾਟ ਦੇਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਕੋਠੀ ਅੱਗੇ ਲੱਗ ਰਹੇ ਧਰਨੇ ਵਿੱਚ ਪਿੰਡ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਆਮ ਲੋਕਾਂ ਦੇ ਨਾਮ ਤੇ ਗਰੀਬਾਂ ਦੀਆਂ ਵੋਟਾਂ ਲੈ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਗਰੀਬ ਲੋਕਾਂ ਲਈ ਇਕ ਵੀ ਸ਼ਬਦ ਬੋਲਣ ਤੋਂ ਕਿਨਾਰਾ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਲਿਤ ਮਜ਼ਦੂਰਾਂ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਦੇ ਖਿਲਾਫ਼ ਪੰਜਾਬ ਭਰ ਵਿੱਚੋਂ ਦਲਿਤ ਭਾਈਚਾਰੇ ਦੇ ਲੋਕ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਨਾਲ ਆਗੂਆਂ ਦੀ ਹੋਈ ਮਟਿੰਗ ਵਿਚ ਉਹਨਾਂ ਦਲਿਤਾਂ ਨੂੰ ਘੱਟ ਰੇਟ ਤੇ ਪੱਕੇ ਤੌਰ ਤੇ ਜ਼ਮੀਨ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਹੁਣ ਮੁੱਖ ਮੰਤਰੀ ਆਪਣੇ ਕੀਤੇ ਵਾਅਦੇ ਤੋਂ ਮੁੱਕਰਦੇ ਨਜ਼ਰ ਆ ਰਹੇ ਹਨ ਅਤੇ ਦਲਿਤਾਂ ਵਲੋਂ ਲੰਮੇ ਸੰਘਰਸ਼ਾਂ ਤੋਂ ਬਾਅਦ ਪ੍ਰਾਪਤ ਕੀਤੀ ਜ਼ਮੀਨ ਨੂੰ ਖੋਹਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪਿੰਡ ਵਿੱਚ ਮੈਂਬਰਸ਼ਿਪ ਦਾ ਕਰਕੇ ਨਵੀਂ ਕਮੇਟੀ ਦੀ ਚੋਣ ਕੀਤੀ ਜਾਵੇਗੀ।