ਆਲਮਗੀਰ, 12 ਜਨਵਰੀ : ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਅੱਜ ਤੀਸਰੇ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਲਈ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਵਿਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਲਾਸਾਨੀ ਜੀਵਨ ਆਪਣੇ ਆਪ ਵਿਚ ਮਿਸਾਲ ਹੈ। ਗੁਰੂ ਸਾਹਿਬ ਜੀ ਦੀ ਸ਼ਖ਼ਸੀਅਤ ਵਿਚਲੇ ਗੁਣ ਮਾਨਵਤਾ ਲਈ ਮਾਰਗ ਦਰਸ਼ਨ ਹਨ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਜਿਥੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ, ਉਥੇ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 17 ਜਨਵਰੀ ਨੂੰ ਕੌਮੀ ਪੱਧਰ ’ਤੇ ਮਨਾਏ ਜਾ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਦਾ ਸੱਦਾ ਵੀ ਦਿੱਤਾ। ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਤੋਂ ਚੱਲ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ’ਤੇ ਜੱਸੋਵਾਲ, ਖੇੜੀ ਚਮੇੜੀ, ਜੋਧਾਂ, ਖਡੂਰ, ਮੋਹੀ, ਘੁਮਾਣ, ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਸੁਧਾਰ, ਐਤੀਆਣਾ, ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹੇਰਾਂ, ਰਾਜੋਆਣਾ, ਤਲਵੰਡੀ, ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ, ਬੱਸੀਆ, ਕਮਾਲਪੁਰ, ਲੰਮੇ ਜੱਟਪੁਰਾ, ਮਾਣੂਕੇ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪੁੱਜਾ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਭੇਟ ਕੀਤਾ ਗਿਆ। ਦੱਸਣਯੋਗ ਹੈ ਕਿ ਆਪੇ ਗੁਰੁ ਚੇਲਾ ਨਗਰ ਕੀਰਤਨ 13 ਜਨਵਰੀ ਨੂੰ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਾਤਸ਼ਾਹੀ ਦਸਵੀਂ ਜੈਤੋ ਲਈ ਰਵਾਨਾ ਹੋਵੇਗਾ।