ਸੋਸ਼ਲ ਮੀਡੀਆ / ਵੈੱਬ ਚੈਨਲਾਂ ਨੂੰ ਅਪੀਲ, ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਕਾਇਮ ਰੱਖਣ ਲਈ ਜ਼ਿੰਮੇਵਾਰੀ ਨਾਲ ਕੀਤਾ ਜਾਵੇ ਕੰਮ : ਪੁਲਿਸ ਕਮਿਸ਼ਨਰ

ਲੁਧਿਆਣਾ (ਰਘਵੀਰ ਸਿੰਘ ਜੱਗਾ) : ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਵਲੋਂ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ/ਵੈਬ ਚੈਨਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਜਿੰਮੇਵਾਰੀ ਨਾਲ ਕਰਦਿਆਂ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਦਿਲੋਂ ਸਹਿਯੋਗ ਕਰਨ। ਕਮਿਸ਼ਨਰ ਸਿੱਧੂ ਬੀਤੀ ਸ਼ਾਮ ਸਥਾਨਕ ਸਿੰਗਲ ਵਿੰਡੋ ਬਿਲਡਿੰਗ ਵਿਖੇ ਆਯੋਜਿਤ ਰਸਮੀ ਮੀਟਿੰਗ ਦੌਰਾਨ ਵੱਖ-ਵੱਖ ਸੋਸ਼ਲ/ਵੈਬ ਮੀਡੀਆ ਪਲੇਟਫਾਰਮਾਂ ਨਾਲ ਜੁੜੇ ਪੱਤਰਕਾਰ ਭਾਈਚਾਰੇ ਨਾਲ ਗੱਲਬਾਤ ਕਰ ਰਹੇ ਸਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਹਰ ਹੀਲੇ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਚੈਨਲਾਂ ਦੀ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਨਫ਼ਰਤ ਫੈਲਾਉਣ ਲਈ ਦੁਰਵਰਤੋਂ ਨਾ ਕੀਤੀ ਜਾਵੇ। ਸਮਾਜਿਕ ਤਾਣੇ-ਬਾਣੇ ਨੂੰ ਮਜ਼ਬੂਤ ਕਰਨ ਲਈ ਮੀਡੀਆ ਮੈਂਬਰਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨਾਗਰਿਕ ਹਾਂ ਅਤੇ ਲੋਕਾਂ ਵਿੱਚ ਕੋਈ ਮਤਭੇਦ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਸੋਸ਼ਲ ਮੀਡੀਆ ਚੈਨਲਾਂ ਨੂੰ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਪੁਲਿਸ ਕਮਿਸ਼਼ਨਰ ਸਿੱਧੂ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਆਪਣੀ ਜ਼ਿੰਮੇਵਾਰੀ ਤੋਂ ਭਲੀਭਾਂਤ ਜਾਣੂ ਹੈ।