- ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
- ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ : ਡਿਪਟੀ ਕਮਿਸ਼ਨਰ ਸੁਰਭੀ ਮਲਿਕ
ਲੁਧਿਆਣਾ, 24 ਅਪ੍ਰੈਲ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਅਤੇ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚੋਂ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਉਨ੍ਹਾਂ ਦੀ ਉਪਜ ਦੀ ਜਲਦ ਤੋਂ ਜਲਦ ਖਰੀਦ ਅਤੇ ਲਿਫਟਿੰਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਅਧਿਕਾਰੀ ਸਰਕਾਰ ਦੇ ਫੈਸਲੇ ਨੂੰ ਲਾਗੂ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹਨ। ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਸਮੁੱਚੇ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਵੱਧ ਤੋਂ ਵੱਧ ਫੀਲਡ ਦੌਰੇ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਨਿਯਮਤ ਦੌਰਾ ਕਰਨਾ ਚਾਹੀਦਾ ਹੈ ਅਤੇ ਨਿਯਮਤ ਨਿਗਰਾਨੀ ਲਈ ਰੋਜ਼ਾਨਾ ਰਿਪੋਰਟ ਉਨ੍ਹਾਂ ਨੂੰ ਸੌਂਪਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 500920 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 491012 ਮੀਟਰਿਕ ਟਨ ਦੀ ਖਰੀਦ ਏਜੰਸੀਆਂ ਵੱਲੋਂ ਵੀ ਕੀਤੀ ਜਾ ਚੁੱਕੀ ਹੈ। ਲਗਭਗ 63 ਪ੍ਰਤੀਸ਼ਤ ਉਤਪਾਦ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ ਅਤੇ ਲੁਧਿਆਣਾ ਦੇ ਕਿਸਾਨਾਂ ਨੂੰ 818 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਸ੍ਰੀਮਤੀ ਮਲਿਕ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਾਣਾ ਮੰਡੀਆਂ ਵਿੱਚੋਂ ਕਣਕ ਦੀ ਨਿਰਵਿਘਨ ਖਰੀਦ, ਸਮੇਂ ਸਿਰ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।