ਫ਼ਤਹਿਗੜ੍ਹ ਸਾਹਿਬ, 26 ਦਸੰਬਰ : ਸ਼ਹੀਦੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਪੁੱਜਣ ਵਾਲੀ ਸੰਗਤ ਨੂੰ ਉਸ ਦੇ ਕਾਨੂੰਨੀ ਹੱਕਾਂ ਦੀ ਜਾਣਕਾਰੀ ਦੇਣ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਦਿਨਾਂ ਲਈ ਜਾਗਰੂਕਤਾ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਰਾ ਤੇ ਸੈਸ਼ਨਜ ਜੱਜ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਇਸ ਜਾਗਰੂਕਤਾ ਕੈਂਪ ਦੌਰਾਨ ਸੰਗਤ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਤਹਿਗੜ੍ਹ ਸਾਹਿਬ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਅਤੇ ਸਹੂਲਤਾਂ ਜਿਵੇਂ ਕਿ ਅਦਾਲਤਾਂ ਵਿੱਚ ਵਕੀਲਾਂ ਦੀਆ ਮੁਫਤ ਸੇਵਾਵਾਂ , ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ/ਸਮਝੌਤਾ ਸਦਨ ਰਾਹੀਂ ਝਗੜਿਆਂ ਦਾ ਨਿਪਟਾਰਾ ਆਦਿ ਅਤੇ ਅਨੂਸੂਚਿਤ ਜਾਤੀ, ਅਨੁਸੂਚਿਤ ਕਬੀਲੇ, ਔਰਤ, ਬੱਚਾ, ਮਾਨਸਿਕ ਤੌਰ ਤੇ ਬਿਮਾਨ, ਉਦਯੋਗਿਕ ਕਾਮੇ ਜਾਂ ਹਿਰਾਸਤੀ ਆਦਿ ਨੂੰ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ ਬਾਰੇ ਦੱਸਿਆ ਜਾਵੇਗਾ ਅਤੇ ਉਹਨਾਂ ਨੂੰ ਇਸ ਤੋਂ ਲਾਭ ਲੈਣ ਲਈ ਆਖਿਆ ਜਾਵੇਗਾ। ਸ੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੈਂਪ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਆਪਣੇ ਲੀਗਲ ਏਡ ਡਿਫੈਂਸ ਕਾਉਂਸਲਸ ਅਤੇ ਸਟਾਫ ਦੀ ਖਾਸ ਤੌਰ ਤੇ ਡਿਊਟੀ ਲਗਾਈ ਗਈ ਹੈ ਅਤੇ ਇਸ ਮੌਕੇ ਵੱਡੀ ਗਿਣਤੀ ਸੰਗਤ ਨੂੰ ਕਾਨੂੰਨੀ ਸਕੀਮਾਂ ਅਤੇ ਸੇਵਾਵਾਂ ਦੇ ਸਬੰਧ ਵਿੱਚ ਪੈਂਫਲੈਂਟ ਵੀ ਵੰਡੇ ਜਾਣਗੇ।