- ਬਿਨਾਂ ਸੁਪਰ ਸਟਰਾਅ ਮੈਨੇਜਮੈਂਟ ਲਗਾਏ ਕੰਬਾਇਨਾਂ ਚਲਾਉਣ ਤੇ ਵੀ ਲਗਾਈ ਪਾਬੰਦੀ
ਫ਼ਤਹਿਗੜ੍ਹ ਸਾਹਿਬ, 20 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 07:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਉਂਕਿ ਸਾਲ 2023 ਦੌਰਾਨ ਝੋਨੈ ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਝੋਨਾ ਛੇਤੀ ਹੀ ਮੰਡੀਆਂ ਵਿੱਚ ਆਉਣ ਦੀ ਸੰਭਾਵਨਾਂ ਹੈ। ਆਮ ਤੌਰ ਤੇ ਵੇਖਿਆ ਜਾਂਦਾ ਹੈ ਕਿ ਝੋਨੇ ਦੀ ਫਸਲ ਕੱਟਣ ਲਈ ਜਿਆਦਾਤਰ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਸ਼ਾਮ/ਰਾਤ ਨੂੰ ਤਰੇਲ ਪੈ ਜਾਣ ਕਾਰਨ ਝੋਨੇ ਦੀ ਫਸਲ ਸਿਲ੍ਹੀ ਹੋ ਜਾਂਦੀ ਹੈ ਪ੍ਰੰਤੂ ਕੰਬਾਇਨਾਂ ਇਸ ਸਿੱਲੀ ਫਸਲ ਨੂੰ ਕੱਟ ਦਿੰਦੀਆਂ ਹਨ। ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ਤੇ ਅਸਰ ਦੇਸ਼ ਦੇ ਉਤਪਾਦਨ ਤੇ ਵੀ ਪੈਂਦਾ ਹੈ। ਇਸ ਤਰ੍ਹਾਂ ਸਿੱਲੀ ਫਸਲ ਕੱਟਣ ਕਾਰਨ ਨਮੀ ਸਰਕਾਰ ਦੀਆਂ ਨਿਰਧਾਰਤ ਸਪੈਸੀਫਿਕੇਸ਼ਨਜ਼ ਤੋਂ ਉਪਰ ਹੁੰਦੀ ਹੈ ਅਤੇ ਸਰਕਾਰੀ ਖਰੀਦ ਏਜੰਸੀਆਂ ਉਸ ਝੋਨੇ ਦੀ ਨੂੰ ਖਰੀਦਣ ਤੋਂ ਅਸਰਮਥ ਹੁੰਦੀਆਂ ਹਨ ਜਿਸ ਕਾਰਨ ਕਿਸਾਨਾਂ ਨੂੰ ਬੇ-ਵਜ੍ਹਾ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਸ਼ਾਮ 7:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫਸਲ ਦੀ ਕਟਾਈ ਕਰਵਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਤੋਂ ਬਿਨਾਂ ਕੰਬਾਇਨਾਂ ਚਲਾਉਣ ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹੇ ਵਿੱਚ ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਕੇ 30 ਨਵੰਬਰ ਤੱਕ ਲਾਗੂ ਰਹਿਣਗੇ।