- ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਹੋਵੇ ਨਿਯਮਾਂ ਮੁਤਾਬਕ ਕਾਰਵਾਈ
ਖਰੜ, 16 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਬੀ. ਡੀ. ਪੀ. ਓ. ਦਫਤਰ, ਖਰੜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਟਾਫ਼ ਵਲੋਂ ਦਫਤਰੋਂ ਬਾਹਰ ਜਾਣ ਸਮੇਂ ਮੂਵਮੈਂਟ ਰਜਿਸਟਰ ਵਿਚ ਐਂਟਰੀ ਲਾਜ਼ਮੀ ਪਾਈ ਜਾਵੇ। ਜਿਹੜੇ ਕਰਮਚਾਰੀ ਅਤੇ ਅਧਿਕਾਰੀ ਮੂਵਮੈਂਟ ਰਜਿਸਟਰ ਵਿਚ ਐਂਟਰੀ ਕੀਤੇ ਬਿਨਾਂ ਦਫਤਰੋਂ ਬਾਹਰ ਗਏ ਹਨ, ਉਨ੍ਹਾਂ ਸਬੰਧੀ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੰਮ੍ਰਿਤ ਸਰੋਵਰ ਦੇ ਕੰਮ ਜਲਦੀ ਨਿਪਟਾਉਣ ਅਤੇ ਮਨਰੇਗਾ ਸਮੇਤ ਦਫਤਰ ਨਾਲ ਸਬੰਧਤ ਬਕਾਇਆ ਕੰਮਾਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਦਫਤਰ ਦੇ ਰਿਕਾਰਡ ਨੂੰ ਵੀ ਘੋਖਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਇਸੇ ਤਹਿਤ ਬੀਡੀਪੀਓ ਦਫਤਰ ਖਰੜ ਦੀ ਅਚਨਚੇਤ ਚੈਕਿੰਗ ਕੀਤੀ ਹੈ ਤਾਂ ਜੋ ਦਫ਼ਤਰ ਦੇ ਕੰਮਕਾਰ ਨੂੰ ਹੋਰ ਦਰੁਸਤ ਕੀਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਅਵਨੀਤ ਕੌਰ ਅਤੇ ਬੀ. ਡੀ.ਪੀ. ਓ. ਖਰੜ ਮਹਿੰਦਰ ਸਿੰਘ, ਸਮੇਤ ਸਟਾਫ ਮੈਂਬਰ ਹਾਜ਼ਰ ਸਨI