ਫਾਜ਼ਿਲਕਾ, 10 ਨਵੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਸਾਨਾ ਨੂੰ ਵਾਤਾਵਰਣ ਪ੍ਰੇਮੀ ਬਣਦਿਆਂ ਪਰਾਲੀ ਦੀ ਸਾਂਭ-ਸੰਭਾਲ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਚੰਗੇ ਅਤੇ ਬਿਮਾਰੀਆਂ ਮੁਕਤ ਵਾਤਾਵਰਣ ਦੀ ਪ੍ਰਾਪਤੀ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨ ਵੀਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਸਬਸਿਡੀ *ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਸ ਦੀ ਵਰਤੋਂ ਕਰਕੇ ਪਰਾਲੀ ਦਾ ਬਿਨਾਂ ਅਗ ਲਗਾਏ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖਾਦ ਦੇ ਰੂਪ ਵਿਚ ਵਰਤਦਿਆਂ ਜਮੀਨ ਵਿਚ ਵਹਾਉਣਾ ਚਾਹੀਦਾ ਹੈ ਜਿਸ ਨਾਲ ਪਰਾਲੀ ਨੂੰ ਅੱਗ ਵੀ ਨਹੀ ਲਗੇਗੀ ਸਗੋਂ ਇਸ ਦਾ ਯੋਗ ਤਰੀਕੇ ਨਾਲ ਨਿਬੇੜਾ ਵੀ ਹੋ ਸਕੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਖਰਾਬ ਹੁੰਦਾ ਹੈ ਉਥੇ ਧੂੰਏ ਦੇ ਫੈਲਾਅ ਕਾਰਨ ਆਵਾਜਾਈ ਵਿਚ ਵਿਘਨ ਪੈਂਦਾ ਹੈ ਤੇ ਦੁਰਘਟਨਾਵਾਂ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਕੀਮਤੀ ਜਾਨਾਂ ਦੇ ਬਚਾਅ ਲਈ ਸਾਨੂੰ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਦਿਆਂ ਇਸ ਦਾ ਯੋਗ ਵਿਧੀ ਨਾਲ ਨਿਪਟਾਰਾ ਕਰਨਾ ਚਾਹੀਦਾ ਹੈ।