ਮਾਨਸਾ 14 ਫਰਵਰੀ : ਦਿੱਲੀ ਚੱਲੋ ਅੰਦੋਲਨ ਨੂੰ ਲੈਕੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਅੰਦੋਲਨ ਲੜ ਰਹੇ ਕਿਸਾਨਾਂ ਮਜ਼ਦੂਰਾਂ ਉਤੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਵਰ੍ਹਾਉਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਲਕੇ 15 ਫਰਵਰੀ ਚਾਰ ਘੰਟਿਆਂ ਲਈ ਪੰਜਾਬ ਵਿੱਚ ਰੇਲਾਂ ਰੋਕਣ ਦਾ ਫੈਸਲਾ ਲਿਆ ਗਿਆ ਹੈ।ਇਹ ਰੇਲਾਂ 12 ਵਜੇ ਤੋਂ 4 ਵਜੇ ਤੱਕ ਰੋਕੀਆਂ ਜਾਣਗੀਆਂ ਗਈਆਂ। ਜਥੇਬੰਦੀ ਵਲੋਂ ਕਿਸਾਨੀ ਮੰਗਾਂ ਦੇ ਹੱਕ ਵਿੱਚ ਵੀ ਪਹਿਲਾਂ ਵਾਂਗ ਡਟਵੀਂ ਆਵਾਜ਼ ਉਠਾਉਣ ਦਾ ਵੀ ਫੈਸਲਾ ਲਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਸ ਪੱਤਰਕਾਰ ਨੂੰ ਦੱਸਿਆ ਕਿ ਅੱਜ ਲੁਧਿਆਣਾ ਵਿਖੇ ਬਾਅਦ ਦੁਪਹਿਰ ਸੰਯੁਕਤ ਕਿਸਾਨ ਮੋਰਚੇ ਦੀ ਇੱਕ ਮੀਟਿੰਗ ਹੋ ਰਹੀ ਹੈ,ਜਿਸ ਵਿਚ ਰੇਲਾਂ ਬੰਦ ਰੱਖਣ ਦਾ ਮਾਮਲਾ ਉਠਾਇਆ ਜਾਵੇਗਾ ਅਤੇ ਇਹ ਫੈਸਲਾ ਸਾਰੀਆਂ ਜਥੇਬੰਦੀਆਂ ਸਮੇਤ ਸਮੁੱਚੇ ਰੂਪ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਵੀ ਹੋ ਸਕਦਾ ਹੈ, ਇਸੇ ਦੌਰਾਨ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਵੱਖਰੇ ਤੌਰ ਤੇ ਦੱਸਿਆ ਕਿ ਯੂਨੀਅਨ ਵਲੋਂ ਭਲਕੇ ਮਾਨਸਾ ਦੇ ਰੇਲਵੇ ਸਟੇਸ਼ਨ ਉਤੇ ਚਾਰ ਘੰਟਿਆਂ ਲਈ ਰੇਲਾਂ ਰੋਕੀਆਂ ਜਾਣਗੀਆਂ।