ਫਾਜਿ਼ਲਕਾ 23 ਨਵੰਬਰ : ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਗੁਰਮੀਤ ਸਿੰਘ ਚੀਮਾ ਦੀ ਅਗਵਾਈ ਹੇਠ ਕਲਸਟਰ ਅਫ਼ਸਰਾਂ ਦੀਆਂ ਟੀਮ ਵੱਲੋ ਲਗਾਤਾਰ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰੇ ਦੌਰਾਨ ਇੰਨ੍ਹਾਂ ਟੀਮਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ ਦੀ ਬਿਜਾਈ ਦੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਸਮੇਂ ਡਾ. ਗੁਰਮੀਤ ਸਿੰਘ ਚੀਮਾ ਨੇ ਕਿਹਾ ਕਿ ਕੁਝ ਕਿਸਾਨ ਪਰਾਲੀ ਦੀਆਂ ਗੱਠਾਂ ਬਣਾਉਣ ਤੋ ਬਾਅਦ ਬਚੀ ਹੋਈ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ ਜੋ ਕਿ ਬਹੁਤ ਮਾੜਾ ਵਰਤਾਰਾ ਹੈ। ਇੱਥੇ ਦੱਸਣਯੋਗ ਹੈ ਕਿ ਉਪਰੋਕਤ ਬਚੀ ਹੋਈ ਪਰਾਲੀ ਨੂੰ ਲੱਗੀ ਅੱਗ ਦੀ ਸੈਟਲਾਈਟ ਰਿਪੋਰਟ ਵੀ ਪ੍ਰਸ਼ਾਸ਼ਨ ਕੋਲ ਪਹੁੰਚ ਜਾਂਦੀ ਹੈ ਜਿਸ ਉਪਰ ਪ੍ਰਸ਼ਾਸਨ ਵੱਲੋ ਸਖਤ ਐਕਸ਼ਨ ਲਏ ਜਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਫੀਲਡ ਵੀਜਟ ਦੌਰਾਨ ਜਿੱਥੇ ਕਿਤੇ ਅੱਗ ਲਗੀ ਮਿਲਦੀ ਹੈ ਉਸਨੂੰ ਮੌਕੇ ਤੇ ਹੀ ਬੁਝਾਇਆ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਵੱਲੋ ਕਿਸਾਨਾਂ ਨੂੰ ਦੱਸਿਆ ਗਿਆ ਕਿ ਜਿਹੜੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ਹੋਵੇ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ।