ਐਸ.ਏ.ਐਸ ਨਗਰ, 05 ਜੂਨ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਸੋਮਵਾਰ ਨੂੰ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਖਰੜ ਦੇ ਵਸਨੀਕਾਂ ਨੇ ਅਪਣੀਆਂ ਵੱਖ ਵੱਖ ਮੁਸਕਲਾਂ ਬਾਰੇ ਮੰਤਰੀ ਨੂੰ ਜਾਣੂੰ ਕਰਵਾਇਆ। ਮੰਤਰੀ ਨੇ ਲੋਕਾਂ ਦੀ ਮੁਸਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਬਹੁਤੀਆਂ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕਰ ਦਿੱਤਾ। ਇਸ ਤੋਂ ਇਲਾਵਾ ਰਹਿੰਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਜਲਦੀ ਕਾਰਵਾਈ ਕਰਨ ਲਈ ਕਿਹਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਖਰੜ ਹਲਕੇ ਦਾ ਵਿਕਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਯਤਨ ਕੀਤੇ ਜਾ ਰਹੇ ਹਨ । ਖਰੜ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਖਰੜ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਜਿਸ ਨਾਲ ਬਰਸਾਤ ਦੇ ਮੌਸਮ ਵਿਚ ਲੋਕਾਂ ਦੇ ਘਰਾਂ ਵਿੱਚ ਪਾਣੀ ਨਹੀਂ ਜਾਵੇਗਾ। ਮੰਤਰੀ ਨੇ ਖਰੜ ਸ਼ਹਿਰ ਵਿੱਚ ਪਾਣੀ ਦੀ ਕਿੱਲਤ ਸਬੰਧੀ ਬੋਲਦਿਆਂ ਕਿਹਾ ਕਿ ਖਰੜ ਸ਼ਹਿਰ ਨੂੰ ਨਹਿਰੀ ਪਾਣੀ ਦੇਣ ਦਾ ਪ੍ਰੋਜੈਕਟ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ ਜਿਸ ਨੂੰ ਬਹੁਤ ਜਲਦੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾ ਕਿਹਾ ਖਰੜ ਸਹਿਰ ਦੇ ਜੋਨ ਏ ਨੂੰ ਪਾਣੀ ਦੀ ਸਪਲਾਈ ਜਲਦੀ ਸ਼ੁਰੂ ਹੋ ਜਾਵੇਗੀ। ਉਨਾਂ ਦੱਸਿਆ ਕਿ ਖਰੜ ਸਹਿਰ ਵਿੱਚ 5 ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਕੰਮ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਰੜ ਸ਼ਹਿਰ ਵਿੱਚ 6 ਟਿਊਬਵੈਲ ਜੋ ਕਿ ਪਿੱਛਲੇ ਤਿੰਨ ਸਾਲਾਂ ਤੋ ਜਨਰੇਟਰ ਤੋ ਚਲ ਰਹੇ ਹਨ, ਇਨ੍ਹਾਂ ਟਿਊਬਵੈਲ ਲਈ ਬਿਜਲੀ ਦਾ ਕੂਨੈਕਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰ 6 ਨਵੇਂ ਟਿਊਬਵੈਲ ਲਗਾਉਣ ਲਈ ਵੀ ਟੈਂਡਰ ਹੋ ਪ੍ਰਕਾਸ਼ਿਤ ਹੋ ਚੁੱਕੇ ਹਨ ਜਿਸ ਦੀ ਕਾਰਵਾਈ ਜਲਦੀ ਮੁਕੰਮਲ ਕਰ ਲਈ ਜਵੇਗੀ। ਉਨਾਂ ਕਿਹਾ ਖਰੜ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਜੰਗਲਾਤ ਵਿਭਾਗ ਵੱਲੋ ਜਲਦੀ ਹੀ 20,000 ਤੋਂ ਵੱਧ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਖਰੜ ਦੇ ਵਿਕਾਸ ਵਿੱਚ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਮੰਤਰੀ ਨੇ ਖਰੜ ਦੇ ਵਿਕਾਸ ਵਿੱਚ ਲੋਕਾਂ ਨੂੰ ਵਧ ਚੜਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਲੋਕ ਵੀ ਸਰਕਾਰ ਵੱਲੋ ਕਰਵਾਏ ਜਾ ਰਹੇ ਵਿਕਾਸ ਕਾਰਜਾਂ ’ਤੇ ਨਜ਼ਰ ਰੱਖਣ ਤਾਂ ਜੋ ਸਾਰੇ ਵਿਕਾਸ ਕਾਰਜ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ। ਉਨ੍ਹਾ ਕਿਹਾ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦਾ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਭ੍ਰਿਸ਼ਟਾਚਾਰ ਸਬੰਧੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਸ ਡੀ ਐਮ ਖਰੜ ਰਵਿੰਦਰ ਸਿੰਘ, ਖਰੜ ਦੇ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਹਾਕਮ ਸਿੰਘ ਤੋਂ ਇਲਾਵਾ ਲੇਬਰ ਕੋਆਰਡੀਨੇਟਰ ਰਘਬੀਰ ਸਿੰਘ, ਅਵਤਾਰ ਸਿੰਘ, ਦਲਜੀਤ ਸਿੰਘ ਝੁੰਗੀਆਂ ਅਤੇ ਹੋਰ ਉਘੇ ਪਤਵੰਤੇ ਤੇ ਵਿਸ਼ੇਸ਼ ਤੌਰ ਤੇ ਹਾਜਰ ਸਨ।