- ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕੀਤਾ ਕੈਂਪਾਂ ਦਾ ਦੌਰਾ
- ਕਿਹਾ, ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਮਿਲਣ ਰਹੀਆਂ ਹਨ ਸਰਕਾਰੀ ਸੇਵਾਵਾਂ
ਫਾਜ਼ਿਲਕਾ 12 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਗਏ। ਹਲਕਾ ਫਾਜ਼ਿਲਕਾ ਦੇ ਪਿੰਡ ਮੌਜਮ, ਚੁਆੜਿਆਵਾਲੀ, ਕੌੜਿਆਵਾਲੀ ਅਤੇ ਮੁਹਾਰ ਸੋਨਾ ਵਿਖੇ ਲੱਗੇ ਕੈਂਪ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਪਾਲ ਸਿੰਘ ਸਵਨਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਹਾਜ਼ਰ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮੁਸ਼ਕਲਾਂ ਸੁਣੀਆਂ ਅਤੇ ਬਹੁਤੀਆਂ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਵੀ ਕੀਤਾ ਤੇ ਬਾਕੀ ਮੁਸ਼ਕਲਾਂ ਦੇ ਹੱਲ ਲਈ ਸੰਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਉਹਨਾਂ ਦੀਆਂ ਘਰਾਂ ਦੀਆਂ ਬਰੂਹਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਮਿਲੇ। ਉਨ੍ਹਾਂ ਕਿਹਾ ਕਿ ਅੱਜ ਦੇ ਇਨ੍ਹਾਂ ਕੈਂਪਾਂ ਵਿੱਚ ਮਾਲ ਵਿਭਾਗ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ., ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਅਤੇ ਹੋਰਾਂ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਰਕਾਰ ਵੱਲੋਂ ਪਬਲੀਸਿਟੀ ਵੈਨਾਂ ਭੇਜੀਆਂ ਗਈਆਂ ਹਨ ਜੋ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਸਰਟੀਫਿਕੇਟ ਬਣਾਉਣ ਸਮੇਤ ਵੱਖ-ਵੱਖ ਵਿਭਾਗੀ ਸਕੀਮਾਂ ਲਈ ਮੌਕੇ ਤੇ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਜੇਕਰ ਕਿਸੇ ਵਿਭਾਗ ਨਾਲ ਕੋਈ ਸ਼ਿਕਾਇਤ ਹੋਵੇ ਤਾਂ ਉਹ ਵੀ ਮੌਕੇ ਤੇ ਆਨਲਾਈਨ ਦਰਜ ਕਰਵਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਇਹ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।