- ਆਪ ਤੇ ਕਾਂਗਰਸ ਦੋਵੇਂ ਪੰਜਾਬੀਆਂ ਨੂੰ ਮੂਰਖ ਬਣਾ ਰਹੀਆਂ ਹਨ, ਜਦੋਂ ਕਿ ਲੋਕ ਸਭਾ ਚੋਣਾਂ ਇਕੱਠਿਆਂ ਲੜਨ ਵਾਲੇ ਹਨ : ਹਰਸਿਮਰਤ ਕੌਰ ਬਾਦਲ
ਤਲਵੰਡੀ ਸਾਬੋ, 09 ਜਨਵਰੀ : ਲੋਕ ਸਭਾ ਹਲਕਾ ਬਠਿੰਡਾ ਦੇ ਪਿੰਡਾਂ ਚੱਕ ਹੀਰਾ ਸਿੰਘ ਵਾਲਾ ਤੇ ਤਰਖਾਣਵਾਲਾ ਵਿੱਚ ਪਾਰਲੀਮੈਂਟ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਐਮਪੀ ਕੋਟੇ ਵਿੱਚ ਗ੍ਰਾਂਟਾਂ ਦਿੱਤੀਆਂ ਗਈਆਂ। ਮਾਣਯੋਗ ਸੁਪਰੀਮ ਕੋਰਟ ਵੱਲੋੰ ਬਿਲਕਿਸ ਬਾਨੋ ਦੇ ਦੋਸ਼ੀਆਂ ਨੂੰ ਮੁੜ ਤੋਂ ਜੇਲ੍ਹ ਭੇਜਣ ਦਾ ਲਿਆ ਗਿਆ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤਾ, ਉਨ੍ਹਾਂ ਕਿਹਜਾ ਕਿ ਕੇਂਦਰ ਸਰਕਾਰ ਘੱਟ ਗਿਣਤੀਆਂ ਨਾਲ ਵਿਤਕਰਾ ਕਰ ਰਹੀ ਹੈ ਸਾਡੇ ਭਾਈ ਬਲਵੰਤ ਸਿੰਘ ਰਾਜੋਆਣਾ ਜੀ ਨੂੰ ਨੋਟੀਫਿਕੇਸ਼ਨ ਕੱਢਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਗਿਆ, ਜਦ ਕਿ ਬਲਾਤਕਾਰ ਦੇ ਦੋਸ਼ੀਆਂ ਨੂੰ ਰਿਹਾਅ ਕਰਕੇ ਉਨ੍ਹਾਂ ਦਾ ਸਿਆਸੀ ਸਟੇਜਾਂ ‘ਤੇ ਸਵਾਗਤ ਕਰਨਾ ਬਹੁਤ ਹੀ ਸ਼ਰਮਨਾਕ ਕਾਰਾ ਸੀ ਪਰ ਹੁਣ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਇਹ ਅਪਰਾਧੀ ਮੁੜ ਤੋਂ ਜੇਲ੍ਹਾਂ ਅੰਦਰ ਹੋਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਰਲੇਵਾ ਤਾਂ ਸਾਲ 2013 ਵਿੱਚ ਹੀ ਹੋ ਗਿਆ ਸੀ ਹੁਣ ਤਾਂ ਸਿਰਫ ਕੌਮੀ ਤੇ ਪੰਜਾਬ ਪੱਧਰ ਤੇ ਗਠਜੋੜ ਰਸ਼ਮੀ ਰੂਪ ਦਿੱਤਾ ਜਾ ਰਿਹਾ ਹੈ। ਬੀਬਾ ਬਾਦਲ ਨੇ ਕਿਹਾ ਕਿ ਸਾਲ 2013 ਵਿੱਚ ਦਿੱਲੀ ‘ਚ ਸਰਕਾਰ ਬਣਾਉਣ ਲਈ ਕਾਂਗਰਸ ਪਾਰਟੀ ਤੋਂ ਮੱਦਦ ਲਈ ਸੀ ਹਾਲਾਂਕਿ ਉਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਬੱਚਿਆਂ ਦੀ ਸਹੁੰ ਖਾਧੀ ਸੀ ਕਿ ਉਹ ਕਦੇ ਵੀ ਕਾਂਗਰਸ ਨਾਲ ਹੱਥ ਨਹੀਂ ਮਿਲਾਉਣਗੇ। ਉਹਨਾਂ ਕਿਹਾ ਕਿ ਇਸ ਮਗਰੋਂ ਕਾਂਗਰਸ ਤੇ ਆਪ ਅਕਾਲੀ ਦਲ ਦੇ ਖਿਲਾਫ ਇਕਜੁੱਟ ਹੋ ਗਏ ਤੇ ਉਹਨਾਂ ਨੇ ਵਾਰੋ ਵਾਰੀ 2017 ਤੇ 2022 ਵਿਚ ਆਪਣੀਆਂ ਸਰਕਾਰਾਂ ਬਣਾਈਆਂ। ਉਹਨਾਂ ਕਿਹਾ ਕਿ ਹੁਣ ਵੀ ਉਹ ਇਕਜੁੱਟ ਹੋ ਕੇ ਅਕਾਲੀ ਦਲ ਦੀ ਨਿੰਦਾ ਕਰ ਰਹੇ ਹਨ ਜਦੋਂ ਕਿ ਪੰਜਾਬ ਵਿਚ ਟਿਕਟਾਂ ਦੀ ਸਾਂਝੀ ਵੰਡ ਦੀ ਗੱਲਬਾਤ ਕਰ ਰਹੇ ਹਨ। ਬੀਬੀ ਬਾਦਲ ਨੇ ਕਿਹਾ ਕਿ ਇਸ ਸਭ ਤੋਂ ਸਾਬਤ ਹੁੰਦਾ ਹੈ ਕਿ ਆਪ ਤੇ ਕਾਂਗਰਸ ਸਿਰਫ ਵਿਖਾਵੇ ਦੇ ਝਗੜੇ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਵਿੱਚ ਹਨ ਹਾਲਾਂਕਿ ਉਹ ਲੋਕ ਸਭਾ ਚੋਣਾਂ ਇਕੱਠਿਆਂ ਲੜਨ ਵਾਲੇ ਹਨ। ਉਹਨਾਂ ਕਿਹਾ ਕਿ ਜਿਸ ਤਰੀਕੇ ਕਾਂਗਰਸ ਨੇ ਮੁੱਖ ਵਿਰੋਧੀ ਧਿਰ ਹੋਣ ਦੇ ਬਾਵਜੂਦ ਆਪ ਨਾਲ ਸਮਝੌਤਾ ਕੀਤਾ ਹੈ, ਉਸ ਤੋਂ ਸਾਬਤ ਹੁੰਦਾ ਹੈ ਕਿ ਉਸਨੂੰ ਲੋਕ ਭਲਾਈ ਦੀ ਥਾਂ ਸੌੜੇ ਸਿਆਸੀ ਹਿੱਤਾਂ ਖ਼ਾਤਰ ਕਿਸੇ ਵੀ ਪੱਧਰ ਤੱਕ ਜਾ ਸਕਦੀ ਹੈ। ਬਾਦਲ ਨੇ ਕਿਹਾ ਕਿ ਆਪ ਤੇ ਕਾਂਗਰਸ ਗਠਜੋੜ ਪੰਜਾਬੀਆਂ ਦੇ ਹਿੱਤਾਂ ਲਈ ਮਾਰੂ ਹੈ। ਉਹਨਾਂ ਕਿਹਾ ਕਿ ਹੁਣ ਤਾਂ ਦੋਵਾਂ ਪਾਰਟੀਆਂ ਨੇ ਸੂਬੇ ਨੂੰ ਲੁੱਟਣ ਲਈ ਹੱਥ ਮਿਲਾ ਲਏ ਹਨ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਨੇ 2017 ਤੋਂ 2022 ਤੱਕ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਤੇ ਹੁਣ ਆਪ ਸਰਕਾਰ ਨੇ 20 ਮਹੀਨਿਆਂ ਵਿਚ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਪੰਜਾਬੀਆਂ ਦੇ ਕਈ ਵਰ੍ਹੇ ਬਰਬਾਦ ਕਰ ਦਿੱਤੇ ਹਨ ਤੇ ਸੂਬੇ ਵਿਚ ਕੋਈ ਵੀ ਨਵਾਂ ਬੁਨਿਆਦੀ ਢਾਂਚਾ ਪ੍ਰਾਜੈਕਟ ਨਹੀਂ ਲਿਆਂਦਾ ਗਿਆ ਤੇ ਵਿਕਾਸ ਠੱਪ ਹੋ ਕੇ ਰਹਿ ਗਿਆ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਤਾਂ ਗਰੀਬ ਵਿਰੋਧੀ ਹੈ ਕਿਉਂਕਿ ਸਰਕਾਰ ਨੇ ਸ਼ਗਨ ਸਕੀਮ ਰੋਕ ਦਿੱਤੀ ਹੈ ਤੇ ਆਟਾ ਦਾਲ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਮਾਜ ਭਲਾਈ ਸਕੀਮਾਂ ਵਿਚ ਭਾਰੀ ਕਟੌਤੀ ਕੀਤੀ ਗਈ ਹੈ।ਬਾਦਲ ਨੇ ਕਿਹਾ ਕਿ ਦੂਜੇ ਪਾਸੇ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਹਰ ਖੇਤਰ ਵਿਚ ਤੇਜ਼ ਰਫਤਾਰ ਵਿਕਾਸ ਹੋਇਆ ਸੀ। ਉਹਨਾਂ ਕਿਹਾ ਕਿ ਸੂਬੇ ਨੂੰ ਬਿਜਲੀ ਸਰਪਲੱਸ ਬਣਾਉਣ ਦੇ ਨਾਲ-ਨਾਲ ਅਸੀਂ 35000 ਕਰੋੜ ਰੁਪਏ ਦੇ ਸੜਕੀ ਪ੍ਰਾਜੈਕਟ ਲਿਆਂਦੇ, ਥਰਮਲ ਪਲਾਂਟ ਲਗਵਾਏ ਤੇ ਹਵਾਈ ਅੱਡੇ ਬਣਵਾਏ ਅਤੇ ਅਨੇਕਾਂ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਲਾਗੂ ਕੀਤੀਆਂ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਉਹਨਾਂ ਬਠਿੰਡਾ ਵਿਚ ਏਮਜ਼ ਇੰਸਟੀਚਿਊਟ ਲਿਆਂਦਾ ਅਤੇ ਨਾਲ ਹੀ ਕੇਂਦਰੀ ਯੂਨੀਵਰਸਿਟੀ ਤੇ ਹੋਰ ਪ੍ਰਾਜੈਕਟ ਲਿਆਂਦੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਚੋਣਾਂ ਵਿਚ ਅਕਾਲੀ ਦਲ ’ਤੇ ਵਿਸ਼ਵਾਸ ਪ੍ਰਗਟ ਕਰਨ। ਉਹਨਾਂ ਕਿਹਾ ਕਿ ਇਸ ਨਾਲ ਇਕ ਵਾਰ ਫਿਰ ਤੋਂ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ ਤੇ ਕਿਸਾਨ ਪੱਖੀ ਤੇ ਗਰੀਬ ਪੱਖੀ ਸਰਕਾਰ ਬਣੇਗੀ ਜਿਸ ਵਿਚ ਸਮਾਜ ਦੇ ਸਾਰੇ ਵਰਗ ਸ਼ਾਮਲ ਹੋਣਗੇ।