- ਡੀ ਏ ਪੀ ਦੇ ਬਦਲ ਵਜੋਂ ਵਰਤੀਆਂ ਜਾਣ ਵਾਲੀਆਂ ਖਾਦਾਂ ਬਾਰੇ ਵੀ ਵਿਭਾਗ ਕਰ ਰਿਹੈ ਕਿਸਾਨਾਂ ਨੂੰ ਜਾਗਰੂਕ
ਮੋਗਾ, 6 ਨਵੰਬਰ 2024 : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਸਖਤ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਚੈਕਿੰਗਾਂ ਜੰਗੀ ਪੱਧਰ ਉਪਰ ਜਾਰੀ ਹਨ। ਭਾਵੇਂ ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਅਪਣਾ ਕੇ ਫਸਲਾਂ ਨੂੰ ਲੋੜੀਂਦੇ ਤੱਤ ਪਹੁੰਚਾਏ ਜਾ ਸਕਦੇ ਹਨ ਪ੍ਰੰਤੂ ਫਿਰ ਵੀ ਡੀ.ਏ.ਪੀ. ਦੀ ਕਾਲਾਬਜ਼ਾਰੀ ਜ਼ਿਲ੍ਹੇ ਵਿੱਚ ਨਹੀਂ ਹੋਣ ਦਿੱਤੀ ਜਾ ਰਹੀ। ਕਿਸਾਨਾਂ ਨੂੰ ਇਸਦੇ ਬਦਲ ਦੇ ਤੌਰ ਉਪਰ ਵਰਤੀਆਂ ਜਾਣ ਵਾਲੀਆਂ ਖਾਦਾਂ ਬਾਰੇ ਵੀ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਖੇਤੀਬਾੜੀ ਵਿਕਾਸ ਅਫਸਰ ਮੋਗਾ-1 ਡਾ. ਜਸਬੀਰ ਕੌਰ ਨੇ ਕੀਤਾ। ਉਹਨਾਂ ਵੱਲੋਂ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ, ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਕਾਲਾਬਜ਼ਾਰੀ ਨਾ ਹੋਵੇ। ਉਹਨਾਂ ਦੱਸਿਆ ਕਿ ਡੀ ਏ ਪੀ ਖਾਦ ਦੀ ਘਾਟ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ ਕਿਉਕਿ ਹੁਣ ਇਸਦੇ ਬਦਲ ਦੇ ਤੌਰ ਤੇ ਬਾਜ਼ਾਰ ਵਿਚ ਹੋਰ ਬਹੁਤ ਖਾਦਾਂ ਹਨ ਜੋਂ ਹਾੜ੍ਹੀ ਦੀਆਂ ਫ਼ਸਲਾਂ ਲਈ ਡੀ ਏ ਪੀ ਖਾਦ ਜਿੰਨੀਆਂ ਹੀ ਕਾਰਗਰ ਹਨ। ਉਨ੍ਹਾਂ ਦੱਸਿਆ ਕਿ ਡੀ.ਏ.ਪੀ ਵਿਚੋਂ ਫ਼ਸਲ ਨੂੰ 18 ਫੀਸਦੀ ਨਾਈਟ੍ਰੋਜਨ ਅਤੇ ਅਤੇ 46 ਫੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ। ਡੀ ਏ ਪੀ ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ,ਸਿੰਗਲ ਸੁਪਰ ਫਾਸਫੇਟ , ਕਿਸਾਨ ਖਾਦ ਉਪਲਬਧ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ। ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦਸਿਆ ਕਿ ਬਿਜਾਈ ਸਮੇਂ ਡੇਢ ਬੋਰੀ ਕਿਸਾਨ ਖਾਦ ਦੀ ਵਰਤੋਂ ਕੀਤੀ ਜਾ ਸਕਦੀ ਹੈ । ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਤਿੰਨ ਬੈਗ ਸਿੰਗਲ ਸੁਪਰ ਫਸਫੇਟ 16% ਪ੍ਰਤੀ ਏਕੜ ਵਰਤੇ ਜਾ ਸਕਦੇ ਹਨ ਜਿਸ ਦੀ ਕੀਮਤ ਪ੍ਰਤੀ ਬੋਰੀ 450/- ਹੈ ਅਤੇ ਇਸ ਵਿਚੋਂ ਸਲਫ਼ਰ ਤੱਤ ਵੀ ਮਿਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਬਿਜਾਈ ਲਈ ਟ੍ਰਿਪਲ ਸੁਪਰ ਫਸਫੇਟ ਖਾਦ ਜਾਂ ਸਿੰਗਲ ਸੁਪਰ ਫਸਫੇਟ ਖਾਦ ਵਰਤਣੀ ਹੋਵੇ ਤਾਂ ਕਣਕ ਦੀ ਬਿਜਾਈ ਸਮੇਂ 20 ਕਿਲੋ ਯੂਰੀਆ ਪ੍ਰਤੀ ਏਕੜ ਜ਼ਰੁਰ ਪਾਂ ਲੈਣੀ ਚਾਹੀਦੀ ਹੈ। ਇਹ ਖਾਦ ਫਸਲਾਂ ਲਈ ਡੀਏਪੀ ਨਾਲੋਂ ਵਧੀਆ ਕੰਮ ਕਰਦੀ ਹੈ।