ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

  • ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ
  • ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 90 ਫੀਸਦੀ ਘਰਾਂ ਦਾ ਬਿਜਲੀ ਬਿਲ ਆਇਆ ਜੀਰੋ
  • ਸਰਕਾਰ ਤੁਹਾਡੇ ਦੁਆਰ ਤਹਿਤ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਗਿਆ ਜਨ ਸੁਵਿਧਾ ਕੈਂਪ

ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਮੂਹ ਅਧਿਕਾਰੀਆਂ ਨੂੰ ਇਹ ਆਦੇਸ਼ ਦਿੱਤੇ ਗਏ ਹਨ ਕਿ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਵਿੱਚ ਨਾ ਬੁਲਾਇਆ ਜਾਵੇ ਸਗੋਂ ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕੀਤੇ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਕਾਰ ਤੁਹਾਡੇ ਦੁਆਰਾ ਪ੍ਰੋਗਰਾਮ ਤਹਿਤ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਵਿਧਾਇਕ ਰਾਏ ਨੇ ਕਿਹਾ ਕਿ ਜਦੋਂ ਅਸੀਂ ਲੋਕਾਂ ਤੋਂ ਵੋਟਾਂ ਲੈਣ ਗਏ ਸੀ ਤਾਂ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਉਸੇ ਵਾਅਦੇ ਨੂੰ ਪੂਰਾ ਕਰਦੇ ਹੋਏ ਸਰਕਾਰ ਵੱਲੋਂ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਮੌਜੂਦ ਹੁੰਦੇ ਹਨ, ਜਿਸ ਨਾਲ ਲੋਕਾਂ ਦੇ ਕੰਮ ਮੌਕੇ ਤੇ ਹੀ ਹੋ ਜਾਂਦੇ ਹਨ। ਇਸ ਤਰ੍ਹਾਂ ਜਿਥੇ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਹੀ ਸਰਕਾਰੀ ਕੰਮਾਂ ਵਿੱਚ ਵੀ ਪਾਰਦਰਸ਼ਤਾ ਆਉਂਦੀ ਹੈ ਅਤੇ ਲੋਕਾਂ ਦੇ ਕੰਮ ਬਿਨਾਂ ਕਿਸੇ ਰਿਸ਼ਵਤ ਤੇ ਸਿਫਾਰਸ਼ ਤੋਂ ਹੋ ਜਾਂਦੇ ਹਨ ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਵੱਲੋਂ ਹਰ ਮਹੀਨੇ ਦਿੱਤੀ ਜਾ ਰਹੀ 300 ਯੂਨਿਟ ਮੁਫਤ ਬਿਜਲੀ ਦਾ ਲਾਭ 90 ਫੀਸਦੀ ਘਰਾਂ ਨੂੰ ਹੋਇਆ ਹੈ ਜਿਨ੍ਹਾਂ ਦਾ ਬਿਜਲੀ ਬਿਲ ਜੀਰੋ ਆਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਸਰਕਾਰੀ ਨੌਕਰੀਆਂ ਬਿਨਾਂ ਸਿਫਾਰਸ਼ ਜਾਂ ਰਿਸ਼ਵਤ ਤੋਂ ਨਹੀਂ ਮਿਲਦੀਆਂ ਸਨ ਪ੍ਰੰਤੂ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੁਣ ਤੱਕ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਸਿਫਾਰਸ਼ ਜਾਂ ਪੈਸਿਆਂ ਤੋਂ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਪ੍ਰਦੀਪ ਮਲਹੋਤਰਾ, ਰਮੇਸ਼ ਕੁਮਾਰ ਸੋਨੂੰ, ਸੁਭਾਸ ਸੂਦ, ਰਜੇਸ਼ ਕੁਮਾਰ, ਪ੍ਰਿਤਪਾਲ ਸਿੰਘ ਜੱਸੀ, ਅਸੀਸ ਕੁਮਾਰ ਅੱਤਰੀ, ਐਡਵੋਕੇਟ ਰਾਹੁੱਲ ਸ਼ਰਮਾ, ਰਜੇਸ਼ ਕੁਮਾਰ ਉੱਪਲ, ਨੀਤਿਨ ਸੂਦ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਇਲਾਕੇ ਦੇ ਮੋਹਤਬਰ ਹਾਜਰ ਸਨ।