ਲੁਧਿਆਣਾ, 09 ਅਪ੍ਰੈਲ : ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲਣ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਗਲਕੀ ਫਰਮਾਨ ਜਾਰੀ ਕੀਤਾ ਹੈ। ਜਿਸ ਤੋਂ ਇੰਝ ਜਾਪਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਬਿਜਲੀ ਦਾ ਵੱਡਾ ਸੰਕਟ ਪੈਦਾ ਹੋਣ ਵਾਲਾ ਹੈ, ਇਹ ਵਿਚਾਰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਗੱਲਬਾਤ ਕਰਦਿਆ ਕੀਤਾ, ਉਹਨਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ’ਤੇ ਤੰਜ ਕਸਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ 24 ਘੰਟੇ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਪੰਜਾਬ ਦੀ ਜਨਤਾ ਨੂੰ ਲੰਮੇ-ਲੰਮੇ ਕੱਟਾਂ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪਵੇਗਾ। ਉਹਨਾਂ ਕਿਹਾ ਪੰਜਾਬ ਵਿੱਚ ਇੰਡਸਟਰੀ ਪਹਿਲਾਂ ਹੀ ਮੰਦੇ ਹਾਲ ਵਿਚੋਂ ਗੁਜ਼ਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਜੇ ਪੰਜਾਬ ਦੀ ਇੰਡਸਟਰੀ ਨੂੰ ਬਿਜਲੀ ਨਾ ਮਿਲੀ ਤਾਂ ਛੋਟੀ ਇੰਡਸਟਰੀ ਬੰਦੀ ਦੀ ਹਾਲਤ ਵਿੱਚ ਆ ਜਾਵੇਗੀ। ਬੈਂਸ ਨੇ ਕਿਹਾ ਕਿ ਇਕ ਪਾਸੇ ਤਾਂ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਦਿਖਾ ਰਹੀ ਹੈ ਅਤੇ ਦੂਜੇ ਪਾਸੇ ਤੁਗਲਕੀ ਫਰਮਾਨ ਜਾਰੀ ਕਰਕੇ ਲੋਕਾਂ ਨੂੰ ਆਉਣ ਵਾਲੇ ਸਮੇਂ ਵਿੱਚ ਬਿਜਲੀ ਦੇ ਲਮੇ ਕਟਾ ਦਾ ਸਾਮ੍ਹਣਾ ਕਰਨ ਦੀ ਚੇਤਾਵਨੀ ਵੀ ਦੇ ਰਹੀ ਹੈ।ਜਿਸ ਤੋਂ ਇਹ ਸਪਸ਼ਟ ਹੈ ਕਿ ਬਲੈਕ ਆਊਟ ਕਰਕੇ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਨਹੀਂ,ਬਲੈਕ ਪੰਜਾਬ ਬਣਾਉਣ ਜਾ ਰਹੀ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਸਰਕਾਰੀ ਦਫ਼ਤਰ ਸਵੇਰੇ 7.30 ਵਜੇ ਖੋਲਣ ਦਾ ਹੁਕਮ ਤਾਂ ਜਾਰੀ ਕਰ ਦਿੱਤਾ, ਪਰ ਪੰਜਾਬ ਦੇ ਲੋਕ ਆਪਣੇ ਬੱਚਿਆਂ ਨੂੰ ਸਵੇਰੇ ਸਕੂਲ ਛੱਡਣ ਜਾਣਗੇ ਜਾਂ ਸਰਕਾਰੀ ਦਫ਼ਤਰ ਜਾਣਗੇ ।