- ਹਜ਼ਾਰਾਂ ਨੌਜਵਾਨ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਦਾ ਪ੍ਰਣ ਲੈਣਗੇ: ਸੀਪੀ ਮਨਦੀਪ ਸਿੰਘ ਸਿੱਧੂ
- ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਰੈਲੀ ਕੱਢਣ ਦਾ ਐਲਾਨ
ਲੁਧਿਆਣਾ, 2 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16 ਨਵੰਬਰ ਨੂੰ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਆਯੋਜਿਤ ਕੀਤੀ ਜਾਣ ਵਾਲੀ ਭਾਰਤ ਦੀ ਸਭ ਤੋਂ ਵੱਡੀ ਮੈਗਾ ਸਾਈਕਲ ਰੈਲੀ ਦਾ ਪੋਸਟਰ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਡੀਜੀਪੀ ਗੌਰਵ ਯਾਦਵ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡੀਆਈਜੀ ਲੁਧਿਆਣਾ ਰੇਂਜ ਧਨਪ੍ਰੀਤ ਕੌਰ ਰੰਧਾਵਾ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 16 ਨਵੰਬਰ ਨੂੰ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਪਿੰਡ ਸਰਾਭਾ ਵਿਖੇ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬੀ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਪਿੰਡ ਡੱਲੇ ਵਿਖੇ 'ਪ੍ਰੌਮਾਈਜ਼ ਕ੍ਰਿਕਟ ਕੱਪ' ਕਰਵਾਇਆ ਗਿਆ ਸੀ, ਜਿੱਥੇ ਸੈਂਕੜੇ ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਲੜਨ ਦਾ ਪ੍ਰਣ ਲਿਆ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰੌਮਿਸ ਕੱਪ ਵਿੱਚ ਕੁੱਲ 32 ਟੀਮਾਂ ਨੇ ਭਾਗ ਲਿਆ ਅਤੇ ਸਾਡੇ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਦਾ ਪ੍ਰਣ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਪੀ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕੱਢੀ ਜਾਵੇਗੀ।