ਪਟਿਆਲਾ, 5 ਜੂਨ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆ ਹਦਾਇਤਾਂ 'ਤੇ ਪਟਿਆਲਾ ਜ਼ਿਲ੍ਹੇ 'ਚ 30 ਜੂਨ 2023 ਤੱਕ ਬਾਲ ਮਜ਼ਦੂਰੀ ਖਾਤਮਾ ਮੁਹਿੰਮ ਚਲਾਈ ਜਾਣੀ ਹੈ। ਇਸ ਸਬੰਧੀ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਦੀ ਵੱਲੋਂ ਅੱਜ ਚਾਇਲਡ ਲੇਬਰ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ ਜਿਸ 'ਚ ਬਾਲ ਮਜ਼ਦੂਰੀ ਖਾਤਮਾ ਮੁਹਿੰਮ ਤਹਿਤ ਮਹੀਨੇ ਭਰ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸਹਾਇਕ ਕਮਿਸ਼ਨਰ (ਯੂ.ਟੀ.) ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ- ਵੱਖ ਅਦਾਰਿਆਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਤੇ ਵੀ ਬੱਚੇ ਤੋ ਬਾਲ ਮਜ਼ਦੂਰੀ ਕਾਰਵਾਈ ਜਾਂਦੀ ਹੈ ਤਾਂ ਇਸ ਦੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਲਾਕ-ਸੀ ਐਕਸਟੈਨਸ਼ਨ ਵਿਖੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬਾਲ ਕਿਰਤੀ ਬਾਰੇ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿਚ ਵੱਧ ਤੋ ਵੱਧ ਸਹਿਯੋਗ ਦਿੱਤਾ ਜਾਵੇ। ਮੀਟਿੰਗ ਵਿਚ ਮਹੀਨਾਵਾਰ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਹਫ਼ਤੇਵਾਰ ਗਤੀਵਿਧੀਆਂ ਕੀਤੀਆਂ ਜਾਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਅਕਸ਼ਿਤਾ ਗੁਪਤਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸਾਇਨਾ ਕਪੂਰ ਨੂੰ ਇਕ ਮਹੀਨੇ ਤੱਕ ਚੱਲਣ ਵਾਲੀਆਂ ਵੱਖ ਵੱਖ ਗਤੀਵਿਧੀਆਂ ਸਬੰਧੀ ਵਿਸਥਾਰਤ ਰਿਪੋਰਟ ਤਿਆਰ ਕਰਨ ਦੀ ਹਦਾਇਤੀ ਵੀ ਕੀਤੀ ਅਤੇ ਲੇਬਰ ਕਮਿਸ਼ਨਰ ਜਸਬੀਰ ਸਿੰਘ ਪਾਸੋਂ ਜ਼ਿਲ੍ਹੇ 'ਚ ਹਾਟਸਪਾਟ ਖੇਤਰਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ਜਿਨ੍ਹਾਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਬਾਲ ਭਲਾਈ ਕਮੇਟੀ ਮੈਂਬਰ, ਲੇਬਰ ਦਫ਼ਤਰ, ਸਿਹਤ ਵਿਭਾਗ ਤੇ ਪੁਲਿਸ ਵਿਭਾਗ ਦਾ ਨੁਮਾਇੰਦੇ ਮੌਜੂਦ ਸਨ।