‘ਸੀ.ਐਮ. ਦੀ ਯੋਗਸ਼ਾਲਾ' ਤਹਿਤ ਲੱਗ ਰਹੀਆਂ ਹਨ ਯੋਗ ਕਲਾਸਾਂ ਦਾ ਜਿਲ੍ਹਾ ਵਾਸੀ ਵੱਧ ਤੋਂ ਵੱਧ ਲਾਭ ਉਠਾਉਣ: ਡਿਪਟੀ ਕਮਿਸ਼ਨਰ

  • ਜ਼ਿਲ੍ਹੇ ‘ਚ ਲੱਗ ਰਹੀਆਂ ਹਨ 80 ਯੋਗ ਕਲਾਸਾਂ ਵਿੱਚ 2600 ਤੋਂ ਵੱਧ ਲੋਕਾਂ ਨੇ ਕਰਵਾਈ ਰਜਿਸਟਰੇਸ਼ਨ: ਓਜਸਵੀ

ਫ਼ਰੀਦਕੋਟ 06 ਨਵੰਬਰ, 2024 : ਪੰਜਾਬ ਸਰਕਾਰ ਦੇ ਬਿਹਤਰੀਨ ਪ੍ਰੋਗਰਾਮ ਸੀ.ਐਮ. ਦੀ ਯੋਗਸ਼ਾਲਾ ਦਾ ਲੋਕ ਵੱਧ ਤੋਂ ਵੱਧ ਲਾਭ ਉਠਾ ਕੇ ਸਿਹਤਮੰਦ ਜੀਵਨਸ਼ੈਲੀ ਨੂੰ ਅਪਨਾਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿਚ ਪ੍ਰਮਾਣਿਤ ਯੋਗ ਟੀਚਰਾਂ ਦੀ ਇਕ ਟੀਮ ਸਥਾਪਿਤ ਕੀਤੀ ਗਈ ਹੈ, ਤਾਂ ਜੋ ਯੋਗ ਨੂੰ ਘਰ-ਘਰ ਤੱਕ ਪੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇਕ ਜਨ ਅੰਦੋਲਨ ਵਿਚ ਬਦਲਿਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿਚ ਯੋਗ ਟਰੇਨਰਾਂ ਦੁਆਰਾ ਸਵੇਰੇ 05.00 ਵਜੇ ਤੋਂ ਸ਼ੁਰੂ ਹੋ ਕੇ 11.30 ਵਜੇ ਤੱਕ ਅਤੇ ਦੁਪਹਿਰ 2.30 ਵਜੇ ਤੋਂ ਸ਼ਾਮ 7:00 ਵਜੇ ਤੱਕ ਯੋਗ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ । ਜਿਸ ਨਾਲ ਲੋਕਾਂ ਨੂੰ ਸਰਵਾਈਕਲ, ਬੈਕਪੇਨ, ਗੋਡਿਆਂ ਦਾ ਦਰਦ, ਸ਼ੁਗਰ, ਮਾਨਸਿਕ ਤਨਾਅ, ਸਾਈਟਿਕਾ, ਮੋਟਾਪਾ, ਮਾਈਗਰੇਨ, ਥਾਈਰਾਈਡ ਆਦਿ ਰੋਗਾਂ ਤੋਂ ਲੋਕਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਫ਼ਰੀਦਕੋਟ ਵਿਖੇ 34 ਕਲਾਸਾਂ, ਕੋਟਕਪੂਰਾ ਵਿਖੇ 28 ਅਤੇ ਜੈਤੋ ਵਿਖੇ 18 ਕੁੱਲ 80 ਦੇ ਕਰੀਬ ਯੋਗ ਕਲਾਸਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੀ ਯੋਗ ਕਲਾਸਾਂ ਨਾਲ ਜਨਤਾ ਨੂੰ ਸਰੀਰਕ ਅਤੇ ਮਾਨਸਿਕ ਸਿਹਤ ਸਬੰਧੀ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗ ਕਲਾਸਾਂ ਵਿੱਚ 2600 ਲੋਕਾਂ ਵੱਲੋਂ ਆਪਣੀ ਰਜਿਸਟਰੇਸ਼ਨ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ। ਫ਼ਰੀਦਕੋਟ ਸ਼ਹਿਰ ਦੀ ਵਸਨੀਕ ਅਮਨਦੀਪ ਕੌਰ ਨੇ ਕਿਹਾ ਕਿ ਯੋਗ ਕਲਾਸ ਵਿੱਚ ਆਉਣ ਤੋਂ ਪਹਿਲਾਂ ਉਹ ਪੈਰਾਂ ਦੇ ਦਰਦ ਨਾਲ ਪੀੜਿਤ ਸੀ ਅਤੇ ਬੀ.ਪੀ ਦੀ ਦਵਾਈ ਲੈ ਰਹੀ ਸੀ । ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਉਨ੍ਹਾਂ ਨੂੰ ਇਨ੍ਹਾਂ ਦੋਹਾਂ ਬਿਮਾਰੀਆਂ ਤੋਂ ਰਾਹਤ ਮਿਲੀ ਹੈ । ਇਸੇ ਤਰਾਂ ਕਮਲਜੀਤ ਕੌਰ ਨੇ ਕਿਹਾ ਕਿ ਯੋਗ ਕਲਾਸ ਵਿੱਚ ਆਉਣ ਤੋਂ ਉਹ ਸਰਵਾਈਕਲ ਅਤੇ ਪਿੱਠ ਦੇ ਦਰਦ ਨਾਲ ਪੀੜਿਤ ਸੀ ਪਰ ਯੋਗ ਕਰਨ ਨਾਲ ਉਨ੍ਹਾਂ ਨੂੰ ਇਸ ਬਿਮਾਰੀ ਤੋਂ ਰਾਹਤ ਮਿਲੀ ਹੈ । ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਂਘਾ ਕੀਤੀ ।