ਲੁਧਿਆਣਾ, 20 ਅਪ੍ਰੈਲ : ਵੱਧ ਰਹੇ ਤਾਪਮਾਨ ਅਤੇ ਬਿਜਲੀ ਦੇ ਕੱਟਾਂ ਦੌਰਾਨ ਸਕੂਲਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਦੇ 12 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬਿਜਲੀ ਦੇ ਇਨਵਰਟਰ ਸੌਂਪੇ ਗਏ। ਸਥਾਨਕ ਪੁਲਿਸ ਲਾਈਨਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਕਮਿਸ਼ਨਰ ਸਿੱਧੂ ਦੇ ਨਾਲ ਜੁਆਇੰਟ ਪੁਲਿਸ ਕਮਿਸ਼ਨਰ ਸੌਮਿਆ ਮਿਸ਼ਰਾ ਅਤੇ ਡੀ.ਸੀ.ਪੀ. ਹਰਮੀਤ ਸਿੰਘ ਹੁੰਦਲ ਨੇ ਕਿਹਾ ਕਿ ਗਰਮੀਆਂ ਦੇ ਦਿਨਾਂ ਵਿੱਚ ਛੋਟੇ ਸਕੂਲੀ ਬੱਚਿਆਂ ਨੂੰ ਤੇਜ਼ ਗਰਮੀ ਕਾਰਨ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਵਾਰ ਬਿਜਲੀ ਦੇ ਕੱਟਾਂ ਕਾਰਨ ਉਨ੍ਹਾਂ ਦੀ ਪੜ੍ਹਾਈ ਵੀ ਔਖੀ ਹੋ ਜਾਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਬਿਜਲੀ ਦਾ ਕੱਟ ਲੱਗਣ ਦੀ ਸੂਰਤ ਵਿੱਚ ਇਹ ਸਿਸਟਮ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਬੱਚੇ ਸੁਚਾਰੂ ਢੰਗ ਨਾਲ ਪੜ੍ਹਾਈ ਕਰ ਸਕਣਗੇ। ਪੁਲਿਸ ਕਮਿਸ਼ਨਰ ਸਿੱਧੂ ਵਲੋਂ ਪੀ.ਸੀ. ਜਵੈਲਰਜ਼ ਦੇ ਇਸ ਅਹਿਮ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਲੁਧਿਆਣਾ ਪੁਲਿਸ ਭਵਿੱਖ ਵਿੱਚ ਵੀ ਸਰਕਾਰੀ ਸਕੂਲਾਂ ਲਈ ਅਜਿਹੇ ਉਪਰਾਲੇ ਜਾਰੀ ਰੱਖੇਗੀ।