ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ : ਕੈਬਨਿਟ ਮੰਤਰੀ ਚੀਮਾ

  • ਪੰਚਾਇਤਾਂ ਅਤੇ ਯੂਥ ਕਲੱਬਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 8 ਕਰੋੜ 27 ਲੱਖ 24 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ।

ਦਿੜ੍ਹਬਾ, 12 ਮਈ : ਪੰਜਾਬ ਦੇ ਵਿੱਤ ਮੰਤਰੀ ਅਤੇ ਦਿੜ੍ਹਬਾ ਹਲਕੇ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਅੱਜ ਸਥਾਨਕ ਅਟਵਾਲ ਪੈਲੇਸ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿੱਚ ਪੰਚਾਇਤਾਂ ਅਤੇ ਯੂਥ ਕਲੱਬਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 8 ਕਰੋੜ 27 ਲੱਖ 24 ਹਜ਼ਾਰ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੀ ਨੁਹਾਰ ਬਦਲਣ ਲਈ ਹੁਣ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਰੰਟੀਆਂ ਤਹਿਤ ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਸੁਧਾਰ ਕੇ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਵੰਡੀਆਂ ਗਈਆਂ ਗ੍ਰਾਂਟਾਂ ਵਿੱਚ ਵੱਡੇ ਪੱਧਰ ਉੱਤੇ ਰਾਸ਼ੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ, ਸਿਹਤ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਅਤੇ ਪਿੰਡਾਂ ਵਿੱਚ ਸਾਫ਼ ਸਫ਼ਾਈ ਯਕੀਨੀ ਬਣਾਉਣ ਲਈ ਦਿੱਤੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਬੁਨਿਆਦੀ ਸਹੂਲਤਾਂ ਦਾ ਮਿਆਰ ਉੱਚਾ ਚੁੱਕਣ ਲਈ ਲੋੜੀਂਦੀ ਗ੍ਰਾਂਟ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰੋੜਾਂ ਰੁਪਏ ਦੀਆਂ ਵੰਡੀਆਂ ਜਾ ਰਹੀਆਂ ਗ੍ਰਾਂਟਾਂ ਦੀ ਜ਼ਮੀਨੀ ਪੱਧਰ ਉੱਤੇ ਪਾਰਦਰਸ਼ੀ ਢੰਗ ਨਾਲ ਵਰਤੋਂ ਯਕੀਨੀ ਬਣਾਈ ਜਾਵੇਗੀ ਅਤੇ ਕਿਸੇ ਵੀ ਵਿਅਕਤੀ ਵੱਲੋਂ ਇੱਕ ਰੁਪਏ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਾਰੀ ਕੀਤਾ ਜਾਂਦਾ ਪੈਸਾ ਲੋਕਾਂ ਦਾ ਆਪਣਾ ਪੈਸਾ ਹੈ ਅਤੇ ਇਸਦੀ ਸਹੀ ਤੇ ਪਾਰਦਰਸ਼ੀ ਵਰਤੋਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਗ੍ਰਾਂਟਾਂ ਦੇ ਪੈਸੇ ਵਿੱਚੋਂ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਸਬੰਧਤ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਪ੍ਰੀਤ ਸਿੰਘ ਪੀਤੂ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਕੈਬਨਿਟ ਮੰਤਰੀ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਡੀ.ਐਸ.ਪੀ. ਪ੍ਰਿਥਵੀ ਸਿੰਘ ਚਹਿਲ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੰਚਾਇਤਾਂ ਦੇ ਨੁਮਾਇੰਦੇ ਅਤੇ ਪਤਵੰਤੇ ਸੱਜਣ ਹਾਜ਼ਰ ਸਨ।